ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ ਕਾਰਨ ਪੰਜਾਬ ਪੁਲਿਸ ਦੇ ਏ.ਸੀ.ਪੀ. ਅਨਿਲ ਕੋਹਲੀ ਦੀ ਹੋਈ ਮੌਤ ’ਤੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਗੇਜਾ ਰਾਮ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਕੋਹਲੀ ਇੱਕ ਇਮਾਨਦਾਰ ਤੇ ਮਿਲਣਸਾਰ ਅਧਿਕਾਰੀ ਸਨ ਜਿਨ੍ਹਾਂ ਨੇ ਹਮੇਸ਼ਾਂ ਗਰੀਬਾਂ ਤੇ ਲੋੜਵੰਦਾਂ ਦੀ ਸਹਾਇਤਾ ਲਈ ਸੇਵਾਵਾਂ ਨਿਭਾਈਆਂ। ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਲਈ ਕੀਤੀ ਸੇਵਾ ਨੂੰ ਸਦਾ ਯਾਦ ਰੱਖਿਆ ਜਾਵੇਗਾ।
ਸ਼੍ਰੀ ਗੇਜਾ ਰਾਮ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਕਾਰਨ ਡਿਊਟੀ ਦੇ ਰਹੇ ਪੰਜਾਬ ਪੁਲਿਸ ਦੇ ਜਵਾਨ ਸ਼ਲਾਘਾ ਦੇ ਪਾਤਰ ਹਨ, ਜੋ ਕਿ ਦਿਨ ਰਾਤ ਇੱਕ ਕਰ ਕੇ ਆਮ ਲੋਕਾਂ ਦੀ ਸਹਾਇਤਾ ਲਈ ਡਿਊਟੀ ਨਿਭਾ ਰਹੇ ਹਨ।ਸ਼੍ਰੀ ਗਜਾ ਰਾਮ ਨੇ ਕਿਹਾ ਕਿ ਕੋਵਿਡ-੧੯ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇ ਨਜ਼ਰ ਜਦੋਂ ਹਰੇਕ ਨਾਗਰਿਕ ਨੂੰ ਘਰਾਂ ਵਿੱਚ ਰਹਿਣ ਲਈ ਕਰਫਿਊ ਲਗਾਇਆ ਗਿਆ ਹੈ ਅਤੇ ਲੋਕ ਆਪਣੇ ਘਰਾਂ ਵਿੱਚ ਹੀ ਸੁਰੱਖਿਅਤ ਰਹਿ ਰਹੇ ਹਨ, ਉਸ ਸਮੇਂ ਵਿੱਚ ਪੁਲੀਸ ਅਧਿਕਾਰੀ ਤੇ ਮੁਲਾਜ਼ਮ ਦਿਨ ਰਾਤ ਇੱਕ ਕਰਕੇ ਇਸ ਖਤਰਨਾਕ ਮਹਾਂਮਾਰੀ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਸ਼ਲਾਘਾਯੋਗ ਯੋਗਦਾਨ ਪਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਅਤੇ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਕਿਉਂਕਿ ਘਰਾਂ ਵਿੱਚ ਰਹਿ ਕੇ ਹੀ ਸੁਰੱਖਿਅਤ ਰਿਹਾ ਜਾ ਸਕਦਾ ਹੈ।