ਪਟਿਆਲਾ ( ਅਰਵਿੰਦਰ ਸਿੰਘ ) ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਪਟਿਆਲਾ ਇਕਾਈ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਇਲਾਜ਼ ਸਹੂਲਤਾਂ ਮੁਹੱਈਆ ਕਰਵਾਉਣ ਲਈ ਨਿੱਜੀ ਹਸਪਤਾਲਾਂ ਤੇ ਡਾਕਟਰਾਂ ਨੂੰ ਓ.ਪੀ.ਡੀ. ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਓ.ਪੀ.ਡੀ. ਦੌਰਾਨ ਕੋਵਿਡ-19 ਨਿਯਮਾਂ ਦੀ ਪਾਲਣਾ ਕਰਦੇ ਹੋਏ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਉੱਥੇ ਇਕੱਠ ਨਾ ਹੋਵੇ, ਵੇਟਿੰਗ ਰੂਮ ਪੂਰੀ ਤਰ੍ਹਾਂ ਡਿਸਇਨਫੈਕਟ ਹੋਵੇ ਅਤੇ ਮਰੀਜ ਦੇ ਨਾਲ ਜ਼ਿਆਦਾ ਵਿਅਕਤੀ ਨਾ ਹੋਣ।
ਜ਼ਿਲ੍ਹਾ ਮੈਜਿਸਟਰੇਟ ਨੇ ਆਈ.ਐਮ.ਏ ਦੇ ਨੁਮਾਇੰਦਿਆਂ ਨੂੰ ਇਹ ਵੀ ਕਿਹਾ ਕਿ ਲੋਕਾਂ ਦੀਆਂ ਸਿਹਤ ਸਬੰਧੀ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘੱਟ ਬਿਮਾਰ ਲੋਕਾਂ ਨੂੰ ਟੈਲੀਫੋਨ ‘ਤੇ ਹੀ ਮੈਡੀਕਲ ਸਲਾਹ ਦਿੱਤੀ ਜਾਵੇ ਅਤੇ ਬਾਕੀ ਮਰੀਜ਼ਾਂ ਨੂੰ ਦੇਖਣ ਲਈ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਇਹ ਵੀ ਕਿਹਾ ਕਿ ਨਿੱਜੀ ਹਸਪਤਾਲਾਂ, ਕਲੀਨਿਕਾਂ ਆਦਿ ਵਿੱਚ ਓ.ਪੀ.ਡੀ. ਦੌਰਾਨ ਜ਼ਿਆਦਾ ਇਕੱਠ ਨਾ ਕੀਤਾ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਇਸ ਸੰਕਟ ਦੀ ਘੜ੍ਹੀ ਵਿੱਚ ਆਪਣੇ ਪਰਿਵਾਰਾਂ ਨਾਲ ਘਰਾਂ ਵਿੱਚ ਹੀ ਰਿਹਾ ਜਾਵੇ ਅਤੇ ਕਿਸੇ ਮੈਡੀਕਲ ਐਮਰਜੈਂਸੀ ਦੀ ਸੂਰਤ ਵਿੱਚ ਹੀ ਸਰਕਾਰੀ ਐਮਰਜੈਂਸੀ ਜਾਂ ਪ੍ਰਾਈਵੇਟ ਹਸਪਤਾਲਾਂ ਦੀਆਂ ਓ.ਪੀ.ਡੀ. ਸੇਵਾਵਾਂ ਵਰਤੀਆਂ ਜਾਣ। ਉਹਨਾਂ ਕਿਹਾ ਕਿ ਬਿਨਾਂ ਕਿਸੇ ਐਮਰਜੈਂਸੀ ਦੇ ਜਨਤਕ ਥਾਵਾਂ ‘ਤੇ ਜਾਣ ਨਾਲ ਮੌਜੂਦਾ ਹਾਲਾਤਾਂ ਦੌਰਾਨ ਮਨੁੱਖੀ ਜੀਵਨ ਲਈ ਵੱਡਾ ਖਤਰਾ ਪੈਦਾ ਹੋ ਸਕਦਾ ਹੈ।
ਅੱਜ ਦੀ ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ, ਸਹਾਇਕ ਸਿਵਲ ਸਰਜਨ ਡਾ: ਜਤਿੰਦਰ ਕਾਂਸਲ, ਆਈ.ਐਮ.ਏ. ਦੀ ਸਟੇਟ ਇਕਾਈ ਦੇ ਸੀਨੀਅਰ ਵਾਇਸ ਪ੍ਰਧਾਨ ਡਾ: ਭਗਵੰਤ ਸਿੰਘ, ਪਟਿਆਲਾ ਇਕਾਈ ਦੇ ਪ੍ਰਧਾਨ ਡਾ: ਆਜਾਤ ਸ਼ਤਰੂ ਕਪੂਰ, ਸਕੱਤਰ ਡਾ: ਹਰਸਿਮਰਨ ਸਿੰਘ ਤੁੱਲੀ, ਡਾ: ਨੀਰਜ਼ ਗੋਇਲ ਅਤੇ ਸਾਬਕਾ ਪ੍ਰਧਾਨ ਡਾ: ਰਾਕੇਸ਼ ਅਰੋੜਾ ਵੀ ਹਾਜ਼ਰ ਸਨ।