ਪਟਿਆਲਾ(ਅਰਵਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਕੋਰੋਨਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਕਣਕ ਦੀ ਜਿਣਸ ਦੀ ਖਰੀਦ ਕਰਨ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਤਹਿਤ ਪਟਿਆਲਾ ਜ਼ਿਲ੍ਹੇ ਅੰਦਰ ਕਣਕ ਦੀ ਸਰਕਾਰੀ ਖਰੀਦ ਪੂਰੇ ਇਹਤਿਆਤ ਨਾਲ ਸ਼ੁਰੂ ਹੋਈ। ਪਹਿਲੇ ਦਿਨ ਰਾਜਪੁਰਾ ਮੰਡੀ ਸਮੇਤ ਜ਼ਿਲ੍ਹੇ ਦੀਆਂ 9 ਮੰਡੀਆਂ/ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ਹੋਈ ਅਤੇ ਇੱਥੇ ਕਿਸਾਨ ਆਪਣੀ ਫ਼ਸਲ ਕੇਵਲ ਪਹਿਲਾਂ ਮੁਹੱਈਆ ਕਰਵਾਏ ਗਏ ਕੂਪਨਾਂ ਨਾਲ ਹੀ ਲੈਕੇ ਪੁੱਜੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦਿੰਦਿਆਂ ਯਕੀਨ ਦਿਵਾਇਆ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਰਾਜਪੁਰਾ ਮੰਡੀ, ਸਮਾਣਾ, ਘਨੌਰ, ਭਾਦਸੋਂ, ਕਪੂਰੀ, ਮਰਦਾਂਪੁਰ, ਮਾੜੂ, ਮੰਡੌਲੀ ਅਤੇ ਜੰਗ ਮੰਘੌਲੀ ਖਰੀਦ ਕੇਂਦਰਾਂ ਵਿੱਚ ਕਿਸਾਨ ਆਪਣੀ ਫ਼ਸਲ ਲੈ ਕੇ ਪੁੱਜੇ। ਉਨ੍ਹਾਂ ਦੱਸਿਆ ਕਿ ਮੰਡੀਆਂ ਦੇ ਗੇਟਾਂ ‘ਤੇ ਤਾਇਨਾਤ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੇ ਕਿਸਾਨਾਂ ਦੇ ਹੱਥ ਸੈਨੇਟਾਈਜ ਕਰਵਾਏ ਅਤੇ ਬਾਅਦ ਵਿੱਚ ਉਨ੍ਹਾਂ ਦਾ ਕੂਪਨ ਦੇਖਣ ਮਗਰੋਂ ਕਣਕ ਦੀ ਨਮੀ ਚੈਕ ਕਰਕੇ ਹੀ ਮੰਡੀ ਦੇ ਅੰਦਰ ਜਾਣ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਮੀ ਜ਼ਿਆਦਾ ਹੋਣ ਦੀ ਸੂਰਤ ਵਿੱਚ ਕੁਝ ਟਰਾਲੀਆਂ ਵਾਪਸ ਵੀ ਭੇਜੀਆਂ ਗਈਆਂ। ਇਸ ਦੌਰਾਨ ਨੇੜਲੇ ਪਿੰਡਾਂ ਤੋਂ ਪੁੱਜੇ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਕਣਕ ਦੀ ਨਿਰਰਵਿਘਨ ਖਰੀਦ ਲਈ ਕੀਤੇ ਸੁਚੱਜੇ ਪ੍ਰਬੰਧਾਂ ਸਬੰਧੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਵੀ ਕੀਤੀ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੋਰੋਨਵਾਇਰਸ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਹਰ ਮੰਡੀ ਵਿੱਚ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਸੁੱਕੀ ਫ਼ਸਲ ਹੀ ਆਪਣੇ ਆੜਤੀਆਂ ਨਾਲ ਤਾਲਮੇਲ ਕਰਕੇ ਅਤੇ ਪਾਸ ਨਾਲ ਹੀ ਮੰਡੀਆਂ ਵਿੱਚ ਲੈਕੇ ਆਉਣ ਤਾਂ ਕਿ ਉਨ੍ਹਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੰਡੀਆਂ ਵਿੱਚ ਇਕੱਠ ਹੋਣ ਤੋਂ ਬਚਾਅ ਕਰਨ ਲਈ ਜ਼ਿਲ੍ਹੇ ਅੰਦਰ 290 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 110 ਮੰਡੀਆਂ ਅਤੇ 180 ਸਬ ਯਾਰਡ ਬਣਾਏ ਗਏ ਹਨ ਤੇ ਲੋੜ ਪੈਣ ‘ਤੇ ਇਹ ਗਿਣਤੀ ਹੋਰ ਵੀ ਵਧਾਈ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਮੰਡੀਆਂ ‘ਚ ਆਈ ਕਣਕ ਦੀ ਤੁਰੰਤ ਖਰੀਦ ਕਰਕੇ ਲਿਫਟਿੰਗ ਵੀ ਨਾਲੋ-ਨਾਲ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਗਾਰਡੀਅਨਜ ਆਫ਼ ਗਵਰਨੈਂਸ ਵੀ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋੜ ਪੈਣ ‘ਤੇ ਹੀ ਆਵਾਜਾਈ ਕਰਨ ਅਤੇ ਬੇਲੋੜੀ ਆਵਾਜ਼ਾਈ ਤੋਂ ਪ੍ਰਹੇਜ਼ ਕਰਨ।