ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਤਕ ਸਥਾਨਾਂ ਤੇ ਸਰਕਾਰੀ ਦਫ਼ਤਰਾਂ ਦੀ ਸੈਨੇਟਾਈਜੇਸਨ ਜਾਰੀ

ਪਟਿਆਲਾ, ( ਅਰਵਿੰਦਰ ਸਿੰਘ ) ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਕਈ ਅਹਿਮ ਇਹਤਿਆਤੀ ਕਦਮ ਉਠਾਏ ਹਨ। ਜਿਸ ਤਹਿਤ ਜ਼ਿਲ੍ਹੇ ਦੇ ਜਨਤਕ ਸਥਾਨਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਸੈਨੇਟਾਈਜ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਉਨ੍ਹਾਂ ਸਥਾਨਾਂ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ ਜਿਥੇ ਰੋਜ਼ਾਨਾ ਵੱਡੀ ਗਿਣਤੀ ਲੋਕ ਆਉਂਦੇ ਹਨ ਅਤੇ ਉਥੋਂ ਬਿਮਾਰੀ ਫੈਲਣ ਦਾ ਖ਼ਤਰਾ ਜ਼ਿਆਦਾ ਹੈ।


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਸਥਾਨਾਂ ਨੂੰ ਸੈਨੇਟਾਈਜ ਕਰਨ ਲਈ ਟੀਮਾਂ ਦੀ ਗਠਨ ਕੀਤਾ ਗਿਆ ਹੈ ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਨਗਰ ਨਿਗਮ ਵੱਲੋਂ ਅਤੇ ਸਬ-ਡਵੀਜ਼ਨ ਪੱਧਰ ‘ਤੇ ਐਸ.ਡੀ.ਐਮ. ਵੱਲੋਂ ਬਣਾਈਆਂ ਟੀਮਾਂ ਸੈਨੇਟਾਈਜ ਦਾ ਕੰਮ ਕਰ ਰਹੀਆਂ ਹਨ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਸਬ-ਡਵੀਜ਼ਨ ਨੂੰ ਸੈਨੇਟਾਈਜ ਕਰਵਾਉਣ ਅਤੇ ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਵੀ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਥਾਨਾਂ ਨੂੰ ਸੈਨੇਟਾਈਜ ਕਰਨ ਲਈ ਸੋਡੀਅਮ ਹਾਈਪੋਕਲੋਰਾਈਟ ਦਾ ਉਪਯੋਗ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆ ਕਿਹਾ ਕਿ ਉਹ ਆਪਣੇ ਘਰਾਂ ਨੂੰ ਵੀ ਸੈਨੇਟਾਈਜ ਕਰਨ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕੇ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਤੋਂ ਲੋਕਾਂ ਦੇ ਬਚਾਅ ਲਈ ਜੋ ਵੀ ਇਹਤਿਆਤੀ ਕਦਮ ਜ਼ਰੂਰੀ ਹਨ ਉਹ ਉਠਾਏ ਜਾ ਰਹੇ ਹਨ। ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਆਪਣਾ ਤੇ ਆਪਣੇ ਪਰਿਵਾਰ ਦਾ ਬਚਾਅ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀ ਜਾਂਦੀ ਹਦਾਇਤਾਂ ਦਾ ਪਾਲਣ ਕਰਨ ਅਤੇ ਸਹਿਯੋਗ ਦੇਣ।

Share This :

Leave a Reply