
ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਾਰੀ ਹਦਾਇਤਾਂ ਦੇ ਮੱਦਨਜ਼ਰ ਅੱਜ ਵਿਭਾਗ ਦੇ ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਜ਼ਿਲ੍ਹੇ ਦੀਆਂ ਪੇਂਡੂ ਖੇਤਰ ਦੀਆਂ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੇਂਡੂ ਖੇਤਰਾਂ ਦੀਆਂ ਮੰਡੀਆਂ ’ਚ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਵਾਉਣ ’ਚ ਪੂਰਾ ਯੋਗਦਾਨ ਪਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿਚ ਫੈਲੇ ਹੋਏ ਘਾਤਕ ਕੋਰੋਨਾ ਵਾਇਰਸ ਤੋਂ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਸਾਨੂੰ ਖੇਤਾਂ ਅਤੇ ਦਾਣਾ ਮੰਡੀਆਂ ਵਿਚ ਸਾਵਧਾਨੀਆਂ ਪੂਰੀ ਸਖਤੀ ਨਾਲ ਵਰਤਣੀਆਂ ਪੈਣਗੀਆਂ।

ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ ਕਣਕ ਦੀ ਵਾਢੀ ਦਾ ਸਮਾਂ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਹੋਵੇਗਾ। ਇਸ ਤੋਂ ਇਲਾਵਾ ਫ਼ਸਲ ਵੱਢਣ ਸਮੇਂ ਕਾਮੇ ਇੱਕ ਦੂਜੇ ਤੋਂ ਘੱਟੋ ਘੱਟ ਦੋ ਮੀਟਰ ਦੀ ਦੂਰੀ ਬਣਾ ਕੇ ਰੱਖਣ, ਥੋੜੇ੍-ਥੋੜੇ੍ ਸਮੇਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਧੋਂਦੇ ਰਹਿਣ, ਆਪਣੇ ਹੱਥਾਂ ਨੂੰ ਮੂੰਹ, ਅੱਖਾਂ ਅਤੇ ਨੱਕ ਨੂੰ ਲਾਉਣ ਤੋਂ ਪ੍ਰਹੇਜ਼ ਕਰਨ, ਕੰਮ ਕਰਦੇ ਸਮੇਂ ਆਪਣਾ ਨੱਕ-ਮੂੰਹ ਢੱਕ ਕੇ ਰੱਖਣ, ਖਾਣ ਪੀਣ ਸਮੇਂ ਵੀ ਇੱਕ ਦੂਜੇ ਤੋਂ ਉਚਿਤ ਦੂਰੀ ਬਣਾ ਕੇ ਬੈਠਣ, ਖੇਤਾਂ ਅਤੇ ਮੰਡੀਆਂ ਵਿੱਚ ਬਿਲਕੁਲ ਵੀ ਨਾ ਥੁੱਕਣ ਕਿਉਂਕਿ ਥੁੱਕਣ ਨਾਲ ਕੋਰੋਨਾ ਵਾਇਰਸ ਫੈਲਣ ਦਾ ਖਤਰਾ ਵਧਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿਰਫ਼ ਉਹੀ ਕਿਸਾਨ ਆਪਣੀ ਕਣਕ ਮੰਡੀ ਵਿੱਚ ਲੈ ਕੇ ਆਉਣ, ਜਿਨ੍ਹਾਂ ਨੂੰ ਆੜ੍ਹਤੀਆਂ ਵੱਲੋਂ ਹੋਲੋਗਰਾਮ ਵਾਲੀ ਪਰਚੀ ਦਿੱਤੀ ਗਈ ਹੋਵੇ, ਬਿਨਾਂ ਹੋਲੋਗਰਾਮ ਵਾਲੀ ਪਰਚੀ ਤੋਂ ਕਣਕ ਮੰਡੀ ਵਿੱਚ ਦਾਖ਼ਲ ਨਹੀਂ ਹੋਣ ਦਿੱਤੀ ਜਾਵੇਗੀ। ਇਸੇ ਤਰ੍ਹਾਂ ਮੰਡੀ ਵਿੱਚ ਲਿਜਾਈ ਜਾ ਰਹੀ ਕਣਕ ਨਿਸ਼ਚਿਤ ਕੀਤੀ ਥਾਂ ਉੱਪਰ ਹੀ ਉਤਾਰੀ ਜਾਵੇ, ਟਰੈਕਟਰ ਉੱਪਰ ਡਰਾਈਵਰ ਤੋਂ ਬਿਨਾਂ ਹੋਰ ਕੋਈ ਵਿਅਕਤੀ ਨਾ ਬੈਠੇ, ਟਰਾਲੀ ਵਿੱਚ ਘੱਟੋ-ਘੱਟ ਲੇਬਰ ਹੀ ਬੈਠੇ । ਉਨ੍ਹਾਂ ਕਾਠਗੜ੍ਹ ਮੰਡੀ ’ਚ ਕੀਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਈ ਅਤੇ ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ ਡੀ ਪੀ ਓ ਦਵਿੰਦਰ ਸ਼ਰਮਾ, ਬੀ ਡੀ ਪੀ ਓ ਬਲਾਚੌਰ, ਈਸ਼ਵਰ ਸਿੰਘ ਢਿੱਲੋਂ, ਮੁਖਤਿਆਰ ਸਿੰਘ ਪੰਚਾਇਤ ਸਕੱਤਰ, ਗੁਰਨਾਮ ਸਿੰਘ ਸਰਪੰਚ ਅਤੇ ਆੜ੍ਹਤੀਆਂ ’ਚੋਂ ਆਨੰਦ ਟ੍ਰੇਡਰਜ਼, ਹਰਮਨ ਮੀਲੂ, ਚੌਧਰੀ ਹਰੀ ਰਾਮ ਮੌਜੂਦ ਸਨ।