ਖਰੀਦੀ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
ਸੰਗਰੂਰ, 19 ਅਪ੍ਰੈਲ:(ਅਜੈਬ ਸਿੰਘ ਮੋਰਾਂਵਾਲੀ ) ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਤੋਂ ਕਣਕ ਦੀ ਖਰੀਦ ਅਤੇ ਚੁਕਾਈ ਬਾਰੇ ਕੀਤੇ ਪ੍ਰਬੰਧਾਂ, ਮੀਂਹ ਤੋਂ ਜਿਣਸ ਦੇ ਬਚਾਅ ਦੇ ਇੰਤਜ਼ਾਮਾਂ, ਟਰਾਂਸਪੋਰਟ, ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤੇ ਕਾਰਜਾਂ ਦਾ ਜ਼ਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇੇਸ਼ਾਨੀ ਨਾ ਆਉਣ ਦਿੱਤੀ ਜਾਵੇ ।
ਉਨ੍ਹਾਂ ਕਿਹਾ ਕਿ 102560 ਮੀਟਰਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 86310 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲਿਫ਼ਟਿੰਗ ਦੀ ਪ੍ਰਕਿਰਿਆ ਸਮੇਂ ਸਿਰ ਹੋਣੀ ਬਹੁਤ ਜ਼ਰੂਰੀ ਹੈ ਅਤੇ ਸਬੰਧਿਤ ਅਧਿਕਾਰੀ ਇਸਨੂੰ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਰੋਨਾਵਾਇਰਸ ਨਾਲ ਨਜਿੱਠਣ ਲਈ ਖਰੀਦ ਦੀ ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸੈਨੇਟਰੀ ਪ੍ਰੋਟੋਕਾਲ ਤੇ ਸੇਫ਼ਟੀ ਪ੍ਰਾਸੀਜ਼ਰ ਦੀ ਪਾਲਣਾ ਯਕੀਨੀ ਬਣਾਈ ਜਾਵੇ। ਲੇਬਰ ਲਈ ਮਾਸਕ, ਸੈਨੇਟਾਈਜ਼ਰ ਅਤੇ ਸਮਾਜਿਕ ਦੂਰੀ ਯਕੀਨੀ ਬਣਾਈ ਜਾਵੇ। ਮੰਡੀ ਅਧਿਕਾਰੀ ਅਤੇ ਖਰੀਦ ਏਜੰਸੀਆਂ ਇਹ ਯਕੀਨੀ ਬਣਾਉਣ ਕਿ ਮੰਡੀਆਂ ਵਿੱਚ ਜ਼ਿਆਦਾ ਭੀੜ ਨਾ ਹੋਵੇ ਅਤੇ ਦਫ਼ਤਰਾਂ, ਸਟੋਰਾਂ ‘ਤੇ ਸਾਫ਼ ਪੀਣ ਵਾਲੇ ਪਾਣੀ ਅਤੇ ਸਾਫ਼ ਸਫ਼ਾਈ ਆਦਿ ਦਾ ਖਾਸ ਖਿਆਲ ਰੱਖਿਆ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਜਿੰਦਰ ਸਿੰਘ ਬੱਤਰਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਤਰਨਜੀਤ ਸਿੰਘ ਚੋਪੜਾ, ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਮੌਜੂਦ ਸਨ।