ਪਟਿਆਲਾ (ਅਰਵਿੰਦਰ ਸਿੰਘ) ਕੋਰੋਨਾ ਵਾਇਰਸ ਨੂੰ ਲੈ ਕੇ ਇਕ ਪਾਸੇ ਪੂਰੀ ਦੁਨੀਆ ‘ਚ ਖੌਫ ਛਾਇਆ ਹੋਇਆ ਹੈ ਅਤੇ ਲੋਕ ਇਸ ਦੇ ਡਰ ਨਾਲ ਸਹਿਮ ਕੇ ਘਰਾਂ ‘ਚ ਦੁੱਬਕੇ ਹੋਏ ਹਨ। ਸਰਕਾਰਾਂ ਵੱਲੋਂ ਵੀ ਸਮੇਂ-ਸਮੇਂ ‘ਤੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨ੍ਹਾ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਸਰਕਾਰ ਵੱਲੋਂ ਮੈਰਿਜ ਪੈਲੇਸਾਂ, ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਕਈ ਅਦਾਰਿਆਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ
ਪਰ ਫਿਰ ਵੀ ਕੁਝ ਲੋਕ ਸਰਕਾਰ ਦੀ ਐਡਵਾਇਜ਼ਰੀ ਨੂੰ ਅਣਦੇਖਿਆ ਕਰਦੇ ਹੋਏ ਮੈਰਿਜ ਪੈਲੇਸਾਂ ‘ਚ ਸਮਾਗਮ ਕਰ ਰਹੇ ਹਨ। ਅਜਿਹਾ ਹੀ ਇਕ ਮਾਮਲਾ ਜ਼ਿਲਾ ਬਰਨਾਲਾ ਦੇ ਨੇੜਲੇ ਪਿੰਡ ਰੁੜ੍ਹਕੇ ਕਲਾਂ ‘ਚ ਸਾਹਮਣੇ ਆਇਆ ਹੈ, ਜਿੱਥੇ ਕਿ ਤਾਜ਼ਾ ਰਿਜ਼ੋਰਟ ਮੈਰਿਜ ਪੈਲੇਸ ‘ਚ ਅੱਜ ਇਕ ਵਿਆਹ ਦਾ ਸਮਾਗਮ ਚੱਲ ਰਿਹਾ ਸੀ, ਜਿਸ ‘ਚ ਭਾਰੀ ਗਿਣਤੀ ‘ਚ ਇਕੱਠ ਇਕੱਠਾ ਕੀਤਾ ਗਿਆ ਸੀ। ਪੁਲਸ ਨੂੰ ਪਤਾ ਲੱਗਣ ਤੋਂ ਬਾਅਦ ਸਖਤ ਕਾਰਵਾਈ ਕਰਦੇ ਜ਼ਿਲਾ ਪੁਲਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੁਲਸ ਨੇ ਮੈਰਿਜ ਪੈਲੇਸ ਦੇ ਮਾਲਕ ਯਾਦਵਿੰਦਰ ਸਿੰਘ ਵਿਰੁੱਧ ਧਾਰਾ 188 ਅਤੇ 336 ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।