ਖੰਨਾ (ਪਰਮਜੀਤ ਸਿੰਘ ਧੀਮਾਨ) : ਕੋਵਿਡ-19 ਦੇ ਖਤਰੇ ਤੋਂ ਬਚਣ ਲਈ ਅਤੇ ਘਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ, ਪੰਜਾਬ ਸਰਕਾਰ ਵਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਲਾਜ਼ਮੀ ਤੌਰ ‘ਤੇ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਅਸੀਂ ਪਰਿਵਾਰਕ ਮੈਂਬਰਾਂ ਨੂੰ ਵੱਧ ਤੋਂ ਵੱਧ ਸੁਰੱਖਿਅਤ ਕਰ ਸਕੀਏ। ਸਿਰਫ ਸਾਵਧਾਨੀ ਵਰਤ ਕੇ ਹੀ ਘਰ ਨੂੰ ਕੋਰੋਨਾ ਵਾਇਰਸ ਦੇ ਖਤਰੇ ਤੋਂ ਬਚਾਇਆ ਜਾ ਸਕਦਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਜੀਤ ਸਿਘ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਇਹ ਆਦੇਸ਼ ਜਾਰੀ ਕੀਤੇ ਗਏ ਹਨ ਕਿ ਪੰਜਾਬ ਵਾਸੀਆਂ ਨੂੰ ਕੋਰੋਨਾ ਵਾਇਰਸ ਦੇ ਖਤਰੇ ਬਾਰੇ ਹਰ ਪੱਧਰ ‘ਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਵਾਇਰਸ ਨੂੰ ਘਰ ਅੰਦਰ ਆਉਣ ਤੋਂ ਰੋਕ ਸਕੀਏ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਹਿਦਾਇਤਾਂ ਅਨੁਸਾਰ ਜਦੋਂ ਕੋਈ ਵੀ ਵਿਅਕਤੀ ਬਾਹਰੋਂ ਆਪਣੇ ਘਰ ਵਾਪਸ ਆਉਂਦਾ ਹੈ ਤਾਂ ਉਸ ਵਲੋਂ ਘਰ ਵਿਚ ਆ ਕੇ ਕਿਸੇ ਵੀ ਚੀਜ਼ ਨੂੰ ਹੱਥ ਨਾ ਲਗਾਇਆ ਜਾਵੇ
ਅਤੇ ਸਭ ਤੋਂ ਪਹਿਲਾਂ ਆਪਣੇ ਜੁੱਤੇ ਉਤਾਰੇ ਜਾਣ । ਜੇਕਰ ਪਾਲਤੂ ਜਾਨਵਰਾਂ ਨੂੰ ਬਾਹਰੋਂ ਸੈਰ ਕਰਵਾ ਕੇ ਆਏ ਹੋ ਤਾਂ ਉਸ ਦੇ ਪੰਜਿਆਂ ਨੂੰ ਵੀ ਚੰਗੀ ਤਰਾਂ ਰੋਗਾਣੂ ਮੁਕਤ ਕੀਤਾ ਜਾਵੇ । ਡਾ. ਅਜੀਤ ਸਿੰਘ ਨੇ ਦੱਸਿਆ ਕਿ ਆਪਣੇ ਕੱਪੜਿਆਂ ਨੂੰ ਬਦਲ ਕੇ ਅਤੇ ਧੋਣ ਲਈ ਵੱਖਰੇ ਤੌਰ ‘ਤੇ ਰੱਖ ਦਿੱਤਾ ਜਾਵੇ, ਜਿਸ ਉਪਰੰਤ ਬੈਗ, ਪਰਸ, ਚਾਬੀਆਂ ਆਦਿ ਨੂੰ ਘਰ ਦੀ ਐਂਟਰੀ ‘ਤੇ ਹੀ ਕਿਸੇ ਬਕਸੇ ਵਿਚ ਪਾ ਦਿੱਤਾ ਜਾਵੇ ਤਾਂ ਜੋ ਘਰ ਦੀ ਕਿਸੀ ਅੰਦਰਲੀ ਚੀਜ਼ ਨਾਲ ਇਨਾਂ ਦਾ ਸੰਪਰਕ ਨਾ ਹੋ ਜਾਵੇ । ਉਨਾਂ ਦੱਸਿਆ ਨਹਾਉਣ ਨਾਲ ਤੁਸੀਂ ਰੋਗਾਣੂ ਮੁਕਤ ਹੋ ਜਾਂਦੇ ਹੋ ਇਸ ਲਈ ਨਹਾਉਣਾ ਬਹੁਤ ਜਰੂਰੀ ਹੈ ਜੇਕਰ ਤੁਸੀਂ ਕਿਸੇ ਕਾਰਣ ਨਹਾਉਣਾ ਨਹੀਂ ਚਾਹੁੰਦੇ ਤਾਂ ਘੱਟੋ-ਘੱਟ ਹੱਥ, ਬਾਹਾਂ, ਗਰਦਨ ਅਤੇ ਨਹੁੰਆਂ ਨੂੰ ਚੰਗੀ ਤਰਾਂ ਸਾਬਣ ਨਾਲ ਸਾਫ ਕਰੋ।
ਉਨਾਂ ਅੱਗੇ ਦੱਸਿਆ ਕਿ ਇਹ ਵੀ ਅਤੀ ਜ਼ਰੂਰੀ ਹੈ ਕਿ ਮੋਬਾਇਲ ਫੋਨ ਅਤੇ ਐਨਕਾਂ ਨੂੰ ਗਰਮ ਸਾਬਣ ਵਾਲੇ ਪਾਣੀ ਦੀ ਸਪਰੇਅ ਜਾਂ ਅਲਕੋਹਲ ਨਾਲ ਰੋਗਾਣੂ-ਮੁਕਤ ਕੀਤਾ ਜਾਵੇ ਅਤੇ ਇਸ ਤੋਂ ਇਲਾਵਾ ਬਾਹਰੋਂ ਲਿਆਂਦੀ ਕਿਸੇ ਵੀ ਵਸਤੂ ਨੂੰ ਚੰਗੀ ਤਰਾਂ ਰੋਗਾਣੂ-ਮੁਕਤ ਕਰਨ ਤੋਂ ਬਾਅਦ ਹੀ ਘਰ ਅੰਦਰ ਲਿਆਂਦਾ ਜਾਵੇ। ਜਿਸ ਉਪਰੰਤ ਫਿਰ ਇਕ ਵਾਰ ਹੱਥਾਂ ਨੂੰ ਸਹੀ ਤਰੀਕੇ ਨਾਲ ਸਾਫ ਕੀਤਾ ਜਾਵੇ । ਉਨਾਂ ਸਪੱਸ਼ਟ ਕੀਤਾ ਕਿ ਹਰ ਚੀਜ਼ ਨੂੰ ਰੋਗਾਣੂ ਮੁਕਤ ਕਰਨਾ ਸੰਭਵ ਨਹੀਂ ਹੈ, ਪਰ ਅਸੀਂ ਇਨਾਂ ਹਦਾਇਤਾਂ ਦੀ ਪਾਲਣਾ ਕਰਕੇ ਕੋਰੋਨਾ ਦੇ ਖ਼ਤਰੇ ਨੂੰ ਘਟਾਉਂਦੇ ਹੋਏ ਆਪਣੇ ਪਰਿਵਾਰ ਨੂੰ ਸੁਰੱਖਿਅਤ ਵੀ ਰੱਖ ਸਕਦੇ ਹੋ। ਉਨਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਵਿਆਪਕ ਪੱਧਰ ‘ਤੇ ਉਪਰਾਲੇ ਕਰ ਰਿਹਾ ਹੈ ਅਤੇ ਲਾਕ ਡਾਊਨ ਤਹਿਤ ਇਲਾਕਾ ਵਾਸੀ ਘਰ ਵਿਚ ਰਹਿ ਕੇ ਇਸ ਵਾਇਰਸ ਦੇ ਖਾਤਮੇ ਲਈ ਆਪਣਾ ਵੱਡਮੁੱਲਾ ਸਹਿਯੋਗ ਦੇ ਸਕਦੇ ਹਨ । ਉਨਾਂ ਪੰਚਾਇਤਾਂ ਦਾ ਵੀ ਧੰਨਵਾਦ ਕੀਤਾ ਜੋ ਆਪਣੇ ਪੱਧਰ ‘ਤੇ ਪਿੰਡਾਂ ਦੇ ਬਾਹਰ ਹੀ ਗੈਰ-ਜਰੂਰੀ ਆਵਾਜਾਈ ਨੂੰ ਰੋਕ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਵੀ ਨਿਭਾਅ ਰਹੇ ਹਨ । ਉਨਾਂ ਦੱਸਿਆ ਕੋਰੋਨਾ ਵਾਇਰਸ ਦੀ ਰੋਕਥਾਮ ਅਤੇ ਵੱਖ-ਵੱਖ ਸੇਵਾਵਾਂ ਸਬੰਧੀ ਹੋਰ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 104 ਤੇ 112 ‘ਤੇ ਸਹਾਇਤਾ ਲਈ ਜਾ ਸਕਦੀ ਹੈ । ਉਨਾਂ ਕਿਹਾ ਕਿ ਜੇਕਰ ਸੁੱਕੀ ਖੰਘ, ਬੁਖਾਰ ਅਤੇ ਸਾਹ ਲੈਣ ਵਿਚ ਤਕਲੀਫ ਹੋਵੇ ਤਾਂ ਤੁਰੰਤ ਸਰਕਾਰੀ ਸਿਹਤ ਕੇਂਦਰ ਵਿਚ ਸੰਪਰਕ ਕੀਤਾ ਜਾਵੇ ਤਾਂ ਜੋ ਸਮੇ ‘ਤੇ ਹੀ ਮਰੀਜ਼ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ।