ਪਟਿਆਲਾ (ਅਰਵਿੰਦਰ ਸਿੰਘ ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹੇ ਤੇ ਸੈਸ਼ਨ ਜੱਜ ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਦੀ ਅਗਵਾਈ ਵਿੱਚ ਹੋਈ।
ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਇਹ ਮੀਟਿੰਗ ਮਾਣਯੋਗ ਸੁਪਰੀਮ ਕੋਰਟ ਵੱਲੋਂ 23 ਮਾਰਚ 2020 ਨੂੰ ਦਿੱਤੇ ਨਿਰਦੇਸ਼ਾਂ ਅਤੇ ਮਿਤੀ 25 ਮਾਰਚ 2020 ਨੂੰ ਮਾਣਯੋਗ ਜਸਟਿਸ ਸ੍ਰੀ ਆਰ.ਕੇ.ਜੈਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਪ੍ਰਧਾਨਗੀ ਹੇਠ ਹੋਈ ਹਾਈ ਪਾਵਰ ਕਮੇਟੀ ਦੇ ਨਿਰਦੇਸ਼ਾਂ ਅਧੀਨ ਕੀਤੀ ਗਈ ਹੈ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟਾਂ ਤੋਂ ਆਈ ਜਾਣਕਾਰੀ ਮੁਤਾਬਕ ਹੁਣ ਤੱਕ 36 ਕੈਦੀਆਂ ਨੂੰ ਪੈਰੋਲ ‘ਤੇ ਰਿਹਾਅ ਕੀਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ‘ਤੇ ਵੀ ਛੇਤੀ ਹੀ ਗੌਰ ਕੀਤਾ ਜਾਵੇਗਾ ।
ਇਸ ਤੋਂ ਇਲਾਵਾ ਹਾਈ ਪਾਵਰ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੇਲ੍ਹ ਸੁਪਰਡੈਂਟਾਂ ਤੋਂ ਆਈ ਜਾਣਕਾਰੀ ਮੁਤਾਬਕ ਜ਼ਿਲ੍ਹਾ ਪਟਿਆਲਾ ਦੀਆਂ ਕੋਰਟਾਂ ਦੇ ਜੱਜ ਸਾਹਿਬਾਨ ਵੱਲੋਂ ਹੁਣ ਤੱਕ 85 ਵਿਅਕਤੀਆਂ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ।