ਫ਼ਤਹਿਗੜ੍ਹ ਸਾਹਿਬ ( ਸੂਦ ) ਨੋਵਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧ ਵਿਚ ਸਿਹਤ ਵਿਭਾਗ ਵੱਲੋਂ ਇਕ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਗਈ ਹੈ।ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਐਨ ਕੇ ਅਗਰਵਾਲ ਨੇ ਦੱਸਿਆ ਕਿ ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਨੇ ਆਦੇਸ਼ ਜਾਰੀ ਕੀਤੇ ਹਨ ਕਿ ਕੋਵਿਡ-19 ਦੀ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲਿਸ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜਿਹਡ਼ੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ।ਉਨਾਂ ਜਨਤਕ ਤੌਰ ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਡਾ ਅਗਰਵਾਲ ਨੇ ਦੱਸਿਆ ਕਿ ਐਪੀਡੈਮਿਕ ਡਿਜ਼ੀਜ਼ ਐਕਟ 1897 ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਰੈਗੂਲੇਸ਼ਨ ਦੇ ਰੂਲ 12 ਦੀ ਵਰਤੋਂ ਕਰਦੇ ਹੋਏ ਮਿਤੀ 5 /31 /2020 ਨੂੰ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜੋ ਵਿਅਕਤੀ ਹਸਪਤਾਲਾਂ ਅਤੇ ਹੋਰ ਦਫ਼ਤਰਾਂ, ਉਦਯੋਗਾਂ ਜਾਂ ਹੋਰ ਥਾਵਾਂ ‘ਤੇ ਕੰਮ ਕਰਦੇ ਹਨ, ਤੋਂ ਇਲਾਵਾ ਆਪਣੇ ਸਾਧਨ ‘ਤੇ ਸਫਰ ਕਰਦੇ ਹੋਏ ਵੀ ਮਾਸਕ ਨੂੰ ਪਹਿਨਣਗੇ।ਸਿਵਲ ਸਰਜਨ ਡਾ ਐਨ ਕੇ ਅਗਰਵਾਲ ਨੇ ਇਲਾਕਾ ਨਿਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਨਿਯਮ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਲਈ ਵੀ ਕਿਹਾ। ਉਹਨਾਂ ਵਿਸ਼ਵਾਸ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਵਾਇਰਸ ਨਾਲ ਲਡ਼ਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਘਰਾਂ ਵਿਚ ਰਹਿ ਕੇ ਅਤੇ ਇਸ ਦੀ ਲਡ਼ੀ ਨੂੰ ਤੋਡ਼ ਕੇ ਇਸ ਵਾਇਰਸ ਵਿਰੁੱਧ ਜੰਗ ਜਿੱਤੀ ਜਾ ਸਕਦੀ ਹੈ