ਅੰਮ੍ਰਿਤਸਰ (ਮੀਡੀਆ ਬਿਊਰੋ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ਉਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਤਾਂ ਕਿ ਕਰੋਨਾ ਵਾਇਰਸ ਦਾ ਫੈਲਾਅ ਨਾ ਹੋਵੇ । ਇਸ ਨੂੰ ਯਕੀਨੀ ਬਨਾਉਣ ਲਈ ਪੰਜਾਬ ਪੁਲਿਸ ਹਰ ਥਾਂ ਨਿਗਰਾਨੀ ਰੱਖੇਗੀ ਅਤੇ ਜਨਤਕ ਸਥਾਨਾਂ ਉੱਤੇ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ । ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਬੀਤੇ ਦਿਨ ਵੀ ਮੁੱਖ ਮੰਤਰੀ ਪੰਜਾਬ ਨੇ ਵੀਡੀਓ ਕਾਨਫਰੰਸ ਵਿਚ ਮਾਸਕ ਦੀ ਜਨਤਕ ਤੌਰ ‘ਤੇ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ ਅਤੇ ਨਾਲ ਹੀ ਪੁਲਿਸ ਨੂੰ ਕਿਹਾ ਹੈ ਕਿ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਵੀ ਕੱਟੇ ਜਾਣ।
ਪੁਲਿਸ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਕਰੋਨਾ ਵਾਇਰਸ ਦੀ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਡਾ. ਗਿੱਲ ਨੇ ਜਨਤਕ ਤੌਰ ‘ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਂਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਡਾ. ਗਿੱਲ ਨੇ ਕਿਹਾ ਕਿ ਉਕਤ ਬਿਮਾਰੀ ਦਾ ਫਿਲਹਾਲ ਕੋਈ ਇਲਾਜ ਨਹੀਂ ਹੈ ਅਤੇ ਸਾਵਧਾਨੀ ਵਰਤ ਕੇ ਹੀ ਅਸੀਂ ਇਸ ਤੋਂ ਬਚ ਸਕਦੇ ਹਾਂ, ਸੋ ਜ਼ਰੂਰੀ ਹੈ ਕਿ ਆਪਾਂ ਸਾਰੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਨੂੰ ਆਪਣੀ ਰੋਜ਼ਾਨਾ ਦੇ ਜੀਵਨ ਵਿਚ ਵੀ ਲਾਗੂ ਕਰੀਏ।