ਖੰਨਾ (ਪਰਮਜੀਤ ਸਿੰਘ ਧੀਮਾਨ) : ਟੈਕਨੀਕਲ ਸਰਵਿਸਜ਼ ਯੂਨੀਅਨ ਸਬ- ਡਵੀਜ਼ਨ ਖੰਨਾ ਸਿਟੀ-2 ਵਲੋਂ ਯੂਨੀਅਨ ਆਗੂ ਸੁਖਵਿੰਦਰ ਸਿੰਘ ਰਾਜੂ ਦੀ ਅਗਵਾਈ ਹੇਠਾਂ ਨੈਸ਼ਨਲ ਕੁਆਰਡੀਕੇਸ਼ਨ ਕਮੇਟੀ ਅਤੇ ਜੁਆਇੰਟ ਫੋਰਮ ਪੰਜਾਬ ਦੇ ਸੱਦੇ ‘ਤੇ ਕਾਲੇ ਬਿੱਲੇ ਲਗਾ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ-2020 ਲਿਆਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਸਮੁੱਚੇ ਦੇਸ਼ ਵਾਸੀਆਂ ਵਿਚ ਕੋਰੋਨਾ ਦਾ ਡਰ ਪਾਇਆ ਜਾ ਰਿਹਾ ਹੈ।
ਇਸ ਦੌਰਾਨ ਅਜਿਹਾ ਸੋਧ ਬਿੱਲ ਲਿਆਉਣਾ ਸਰਕਾਰ ਦੇ ਮੁਲਾਜ਼ਮ, ਮਜ਼ਦੂਰ ਵਿਰੋਧੀ ਚਿਹਰੇ ਨੂੰ ਨੰਗਾ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਕਿਰਤ ਕਾਨੂੰਨ ਵਿਚ ਸੋਧਾਂ ਕਰਕੇ ਮੁਲਾਜ਼ਮਾਂ, ਮਜ਼ਦੂਰਾਂ ਦੀ ਜਿਹੜੀ ਡਿਊਟੀ 08 ਘੰਟੇ ਹੈ, ਨੂੰ ਵਧਾ ਕੇ 12 ਘੰਟੇ ਕਰਨ ਦੀਆਂ ਤਜਵੀਜ਼ਾਂ ਚੱਲ ਰਹੀਆਂ ਹਨ, ਜਿਸ ਨੂੰ ਮੁਲਾਜ਼ਮ ਅਤੇ ਮਜ਼ਦੂਰ ਵਰਗਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਮਜ਼ਦੂਰਾਂ ਦੇ ਖਿਲਾਫ ਬਣਾਈਆਂ ਜਾ ਰਹੀਆਂ ਨੀਤੀਆਂ ਦੀ ਨਿਖੇਧੀ ਕੀਤੀ। ਇਸ ਮੌਕੇ ਸਰਕਲ ਪ੍ਰਧਾਨ ਮੱਖਣ ਸਿੰਘ, ਮੁਕੇਸ਼ ਕੁਮਾਰ, ਇੰਦੂ ਖਾਨ, ਹਰਜਿੰਦਰ ਸਿੰਘ, ਮਨਦੀਪ ਸਿੰਘ, ਹਰਜੀਤ ਸਿੰਘ ਭਾਦਲਾ, ਕੁਲਵੰਤ ਸਿੰਘ ਭਾਦਲਾ, ਕੁਲਵਿੰਦਰ ਸਿੰਘ, ਜਤਿੰਦਰ ਸਿੰਘ, ਬਾਲੀ ਰਾਮ, ਦਲਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।