ਪਟਿਆਲਾ ( ਅਰਵਿੰਦਰ ਸਿੰਘ ) ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਅੱਜ 129ਵੇਂ ਜਨਮ ਦਿਵਸ ਮੌਕੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਾ. ਭੀਮ ਰਾਓ ਅੰਬੇਡਕਰ ਦੇ ਸਮਾਰਕ ‘ਤੇ ਲੱਗੇ ਬੁੱਤ ‘ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਆਪਣੀ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ ਵੀ ਮੌਜੂਦ ਸਨ।
ਇਸ ਵਿਸ਼ੇਸ਼ ਤੇ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਮੂਹ ਜ਼ਿਲ੍ਹੇ ਦੇ ਵਸਨੀਕਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਣ ਵਿੱਚ ਪਾਏ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਵੱਲੋਂ ਆਧੁਨਿਕ ਭਾਰਤ ਅਤੇ ਭਾਰਤੀ ਸਮਾਜ ਦੇ ਵਿਕਾਸ ‘ਚ ਪਾਏ ਯੋਗਦਾਨ ਨੇ ਸਾਰੇ ਦੇਸ਼ ਵਾਸੀਆਂ ਨੂੰ ਬਰਾਬਰ ਦੇ ਹੱਕ ਪ੍ਰਦਾਨ ਕਰਕੇ ਇਕ ਮਾਲਾ ਵਿੱਚ ਪਰੋ ਦਿੱਤਾ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਦਕਰ ਨੇ ਭਾਰਤ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਪਣਾ ਸਮੁੱਚਾ ਜੀਵਨ ਲਗਾਇਆ। ਉਹ ਦੱਬੇ-ਕੁਚਲੇ ਲੋਕਾਂ ਦੇ ਮਸੀਹਾ ਤਾਂ ਸਨ ਹੀ ਸਗੋਂ ਉਹ ਸਮੁੱਚੇ ਦੇਸ ਵਾਸੀਆਂ ਲਈ ਇੱਕ ਚਾਨਣ ਮੁਨਾਰਾ ਵੀ ਸਨ, ਇਸ ਲਈ ਸਾਨੂੰ ਚਾਹੀਦਾ ਹੈ ਕਿ ਅਸੀਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਕੇ ਉਨ੍ਹਾਂ ਦੇ ਸੰਦੇਸ਼ਾਂ ‘ਤੇ ਅਮਲ ਕਰੀਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੋਚ ਨੂੰ ਅੱਗੇ ਲਿਜਾਣ ਲਈ ਸਾਡਾ ਵੀ ਫ਼ਰਜ ਬਣਦਾ ਹੈ ਕਿ ਅਸੀਂ ਹਰ ਬੱਚੇ ਨੂੰ ਸਿੱਖਿਆ ਪ੍ਰਦਾਨ ਕਰਨ ‘ਚ ਆਪਣਾ ਯੋਗਦਾਨ ਪਾਈਏ ਤਾਂ ਕਿ ਇਨ੍ਹਾਂ ਬੱਚਿਆਂ ਨੂੰ ਪੜ੍ਹ-ਲਿਖ ਕੇ ਦੇਸ਼ ਦੇ ਬਿਹਤਰ ਨਾਗਰਿਕ ਬਣਨ ਦਾ ਇੱਕ ਸਮਾਨ ਮੌਕਾ ਮਿਲੇ।