ਅੰਮ੍ਰਿਤਸਰ (ਮੀਡੀਆ ਬਿਊਰੋ ) ਕੋਵਿਡ-19 ਦੀ ਮਹਾਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਲਿਆਉਣ ਲਈ ਲੋਂੜੀਦੇ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਕਿਸੇ ਵੀ ਕਿਸਾਨ ਨੂੰ ਪਾਸ ਦੇ ਮੁੱਦੇ ਉਤੇ ਕੋਈ ਮੁਸ਼ਿਕਲ ਨਹੀਂ ਆਵੇਗੀ। ਇਹ ਜਾਣਕਾਰੀ ਦਿੰਦਿਆਂ ਮੰਡੀ ਅਫਸਰ ਸ੍ਰੀ ਜਸਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਇਸ ਵਾਰ 55 ਮੰਡੀਆਂ ਬਣਾਈਆਂ ਗਈਆਂ ਹਨ, ਇਸ ਤੋਂ ਇਲਾਵਾ 9 ਸ਼ੈਲਰਾਂ ਨੂੰ ਵੀ ਆਰਜ਼ੀ ਤੌਰ ‘ਤੇ ਮੰਡੀ ਵਜੋਂ ਵਰਤਿਆ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਇਨਾਂ ਮੰਡੀਆਂ ਵਿੱਚ ਕਰੋਨਾਵਾਇਰਸ ਦੇ ਮੱਦੇਨਜ਼ਰ ਕਣਕ ਦੀ ਫੌਰੀ ਖਰੀਦ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਾਰਕੀਟ ਕਮੇਟੀਆਂ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਆੜਤੀਆਂ ਵੱਲੋਂ ਸਿੱਧੇ ਤੌਰ ‘ਤੇ ਪਾਸ ਦਿੱਤੇ ਜਾ ਰਹੇ ਹਨ ਅਤੇ ਇਹ ਪਾਸ ਲੈਣ ਲਈ ਕਿਸੇ ਐਪ ਦੀ ਕੋਈ ਸ਼ਰਤ ਜਾਂ ਬੰਦਿਸ਼ ਨਹੀਂ ਹੈ। ਉਨਾਂ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਜਾਣ ਲਈ ਪਾਸ ਲੈਣ ਵਾਸਤੇ ਕਿਸੇ ਐਪ ਦੀ ਬਜਾਏ ਆਪਣੇ ਆੜਤੀਏ ਤੱਕ ਪਹੁੰਚ ਕਰਨ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਮੌਜੂਦਾ ਮੰਡੀਕਰਨ ਸੀਜ਼ਨ ਦੌਰਾਨ ਸਭ ਤੋਂ ਵੱਧ ਤਰਜੀਹ ਆਪਸੀ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ‘ਤੇ ਦਿੱਤੀ ਜਾ ਰਹੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਮੰਡੀਆਂ ਵਿੱਚ ਸਿਹਤ ਸੁਰੱਖਿਆ ਉਪਾਵਾਂ ਲਈ ਚੁੱਕੇ ਕਦਮਾਂ ਲਈ ਉਨਾਂ ਨੇ ਕਿਸਾਨਾਂ ਨੂੰ ਵੀ ਕਰੋਨਾ ਵਾਇਰਸ ਕਰਕੇ ਜਾਰੀ ਸਰਕਾਰੀ ਨਿਯਮਾਂ ਦੀ ਪੂਰੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ ।