ਰੂਪਨਗਰ/ਚੰਡੀਗੜ੍ਹ (ਮੀਡੀਆ ਬਿਊਰੋ) ਜ਼ਿਲ੍ਹਾ ਪ੍ਰੈੱਸ ਕਲਬੱਜ਼ ਐਸੋਸੀਏਸ਼ਨ ਰੂਪਨਗਰ ਅਤੇ ਰੂਪਨਗਰ ਪ੍ਰੈੱਸ ਕਲੱਬ ਨੇ ਪੰਜਾਬੀ ਟ੍ਰਿਬਿਊਨ ਦੀ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਗਈ ਬਦਸਲੂਕੀ ਅਤੇ ਧੱਕੇਸ਼ਾਹੀ ਦੇ ਵਿਰੋਧ ‘ਚ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਰਾਹੀਂ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀਐਸ ਬਦਨੌਰ ਨੂੰ ਮੰਗ ਪੱਤਰ ਦਿੱਤਾ ਗਿਆ।
ਕੁਲਵਿੰਦਰ ਭਾਟੀਆ ਦੀ ਰਿਪੋਰਟ ਮੁਤਾਬਿਕ ਇਸ ਮੌਕੇ ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਬਹਾਦਰਜੀਤ ਸਿੰਘ ਅਤੇ ਰੂਪਨਗਰ ਪ੍ਰੈੱਸ ਕਲੱਬ ਦੇ ਪ੍ਰਧਾਨ ਅਜੈ ਅਗਨੀਹੋਤਰੀ ਨੇ ਕਿਹਾ ਕਿ ਦਵਿੰਦਰਪਾਲ ਆਪਣੀ ਪੇਸ਼ੇਵਰ ਡਿਊਟੀ ਨਿਭਾਉਣ ਲਈ ਆਪਣੇ ਦਫ਼ਤਰ ਜਾ ਰਹੇ ਸਨ ਜਦੋਂ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ, ਜਿਸ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਬਰਦਾਸਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਮੰਗ ਕੀਤੀ ਕਿ ਇਸ ਘਟਨਾ ਲਈ ਜਿੰਮੇਵਾਰ ਪੁਲਿਸ ਕਰਮਚਾਰੀਆਂ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ ਜਾਵੇ ਅਤੇ ਅੱਗੇ ਤੋਂ ਅਜਿਹੀਆਂ ਘਟਨਾਵਾਂ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੋਵੇਂ ਜਥੇਬੰਦੀਆਂ ਦਵਿੰਦਰਪਾਲ ਦਾ ਡਟ ਕੇ ਸਾਥ ਦੇਣਗੀਆਂ ਅਤੇ ਕਿਸੇ ਵੀ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੀਆਂ।
ਇਸ ਮੌਕੇ ਪੱਤਰਕਾਰ ਸੁਰਜੀਤ ਸਿੰਘ ਗਾਂਧੀ, ਕਮਲ ਭਾਰਜ, ਸਰਬਜੀਤ ਸਿੰਘ ਕੋਟਲਾ ਨਿਹੰਗ, ਜਗਜੀਤ ਸਿੰਘ ਜੱਗੀ, ਤਜਿੰਦਰ ਸਿੰਘ, ਸਰਬਜੀਤ ਸਿੰਘ ਕਾਕਾ ਮੌਜੂਦ ਸਨ।