ਫ਼ਤਹਿਗੜ੍ਹ ਸਾਹਿਬ (ਸੂਦ) ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਸਬ ਡਿਵੀਜ਼ਨ ਸਰਹਿੰਦ ਵਿੱਚ ਰੋਜ਼ਾਨਾ 25 ਹਜ਼ਾਰ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਤਿਆਰ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਇਸ ਲੰਗਰ ਵਿੱਚ ਅਹਿਮ ਯੋਗਦਾਨ ਪਾਉਂਦਿਆਂ ਮਾਰਕਿਟ ਕਮੇਟੀ, ਸਰਹਿੰਦ ਦੇ ਮੁਲਾਜ਼ਮਾਂ ਨੇ ਆਪਣੇ ਵੱਲੋਂ 75 ਕੁਇੰਟਲ ਕਣਕ ਦਿੱਤੀ ਹੈ।
ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਇਹ ਉਪਰਾਲਾ ਕਰਨ ਵਾਲੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਐਸ.ਡੀ.ਐਮ. ਨੇ ਕਿਹਾ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਲੋੜਵੰਦਾਂ ਦੀ ਮਦਦ ਲਈ ਸੁੱਕਾ ਰਾਸ਼ਨ ਤੇ ਅਨਾਜ ਦੇ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਤੇ ਮਾਰਕਿਟ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਕਣਕ ਦੇ ਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਵਿੱਚ ਸਭਨਾਂ ਦਾ ਸਹਿਯੋਗ ਜ਼ਰੂਰੀ ਹੈ ਤੇ ਇਨ੍ਹਾਂ ਮੁਲਾਜ਼ਮਾਂ ਤੋਂ ਪੇ੍ਰਰਨਾ ਲੈ ਕੇ ਹੋਰਨਾਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਇਸ ਕਰਫਿਊ ਦੌਰਾਨ ਸਾਰਾ ਲੋੜੀਂਦਾ ਸਮਾਨ ਲੋਕਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਤੇ ਇਹ ਗੱਲ ਯਕੀਨੀ ਬਣਾਈ ਗਈ ਹੈ ਕਿ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾ ਕੇ ਸਰਕਾਰ ਨੂੰ ਇਸ ਜੰਗ ਵਿੱਚ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਨੇ 75 ਕੁਇੰਟਲ ਕਣਕ ਦਿੱਤੇ ਜਾਣ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਰਜਿੰਦਰ ਕੁਮਾਰ, ਮਾਰਕਿਟ ਕਮੇਟੀ ਦੇ ਸਕੱਤਰ ਗਗਨਦੀਪ ਸਿੰਘ ਤੇ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤਹਿਸੀਲਦਾਰ ਗੁਰਜਿੰਦਰ ਸਿੰਘ ਵੀ ਹਾਜ਼ਰ ਸਨ।