ਸੰਗਰੂਰ ਜ਼ਿਲੇ ਅੰਦਰ ਦਾਖ਼ਲ ਹੋਣ ਵਾਲੇ ਬਾਹਰੀ ਵਿਅਕਤੀਆਂ ਦੀ ਲਗਾਤਾਰ ਹੋ ਰਹੀ ਹੈ ਟੈਸਟਿੰਗ: ਡਿਪਟੀ ਕਮਿਸ਼ਨਰ

ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਨੇ ਕੋਵਿਡ-19 ਰੋਕਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਸੰਗਰੂਰ ਜ਼ਿਲੇ ’ਚ ਕੋਵਿਡ-19 ਦੀ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਲਈ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵਿੱਤ ਸ਼੍ਰੀ ਅਨਿਰੁਧ ਤਿਵਾੜੀ ਵੱਲੋਂ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਸ਼੍ਰੀ ਤਿਵਾੜੀ ਵੱਲੋਂ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਵੱਖ-ਵੱਖ ਥਾਂਵਾਂ ਤੋਂ ਜ਼ਿਲੇ ’ਚ ਪਰਤ ਰਹੇ ਲੋਕਾਂ ਦੀ ਕੀਤੀ ਜਾ ਰਹੀ ਸੈਂਪਿਗ ਦਾ ਵੀ ਜਾਇਜ਼ਾ ਲਿਆ। ਇਸ ਉਪਰੰਤ ਸ਼੍ਰੀ ਤਿਵਾੜੀ ਨੇ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਤੇ ਫਲੂ ਜਾਂਚ ਕੇਂਦਰ ਦਾ ਵੀ ਦੌਰਾ ਕੀਤਾ।


ਇਸ ਮੌਕੇ ਸ਼੍ਰੀ ਅਨਿਰੁਧ ਤਿਵਾੜੀ ਨੇ ਦੱਸਿਆ ਕਿ ਪੰਜਾਬ ’ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ 800 ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਕੋਵਿਡ ਕੇਅਰ ਸੈਂਟਰ ਬਣਾਇਆ ਗਿਆ ਹੈ ਜਿੱਥੇ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਘੱਟ ਗੰਭੀਰ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਕੂਲ ਦੇ ਮੁੰਡਿਆਂ ਅਤੇ ਕੁੜੀਆਂ ਦੇ ਹੋਸਟਲਾਂ ’ਚ ਬੈੱਡ ਲਗਾਉਣ ਵੇਲੇ ਇੱਕ-ਦੂਸਰੇ ਤੋਂ ਢੱਕਵੀਂ ਦੂਰੀ ਦਾ ਖ਼ਾਸ ਖਿਆਲ ਰੱਖਿਆ ਗਿਆ ਹੈ ਤਾਂ ਜੋ ਮਰੀਜ਼ਾਂ ਦੀ ਸਹੀ ਸੰਭਾਲ ਕੀਤੀ ਜਾ ਸਕੇ।
ਸ਼੍ਰੀ ਤਿਵਾੜੀ ਨੇ ਕਿਹਾ ਕਿ ਸਰਕਾਰ ਵੱਲੋਂ ਟੈਸਟਿੰਗ ਸਮਰੱਥਾ ’ਚ ਹੋਰ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦ ਜ਼ਿਲੇ ਅੰਦਰ ਟੈਸਟਿੰਗ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਦੇ ਘਰ ਜਾਂ ਇਲਾਕੇ ’ਚ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੀ ਸੂਚਨਾ ਤੁਰੰਤ ਜ਼ਿਲਾ ਪ੍ਰਸ਼ਾਸਨ ਤੱਕ ਪੁੱਜਦੀ ਕਰਨ ਤਾਂ ਜੋ ਸਮਾਂ ਰਹਿੰਦੇ ਇਸ ਬਿਮਾਰੀ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ-19 ਪ੍ਰਭਾਵਿਤ ਇਲਾਕਿਆਂ ’ਚੋਂ ਸੰਗਰੂਰ ਜ਼ਿਲੇ ਅੰਦਰ ਦਾਖ਼ਲ ਹੋਣ ਵਾਲੇ ਲੋਕਾਂ ਦੇ ਲਗਾਤਾਰ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨਾਂ ਕਿਹਾ ਕਿ ਇਸ ਕੰਮ ਲਈ 13 ਨਾਕੇ ਲਗਾ ਕੇ ਲੋੜੀਂਦੇ ਉਪਕਰਣਾਂ ਸਮੇਤ ਮੈਡੀਕਲ ਟੀਮਾਂ ਦੀ ਤੈਨਾਤੀ ਕੀਤੀ ਗਈ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤਿ੍ਰਪਾਠੀ, ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ, ਜ਼ਿਲਾ ਮਾਲ ਅਫ਼ਸਰ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਰਾਜ ਕੁਮਾਰ ਅਤੇ ਐਕਸੀਅਨ ਵਿਪਿਨ ਬਾਂਸਲ ਵੀ ਹਾਜ਼ਰ ਸਨ

Share This :

Leave a Reply