ਪਟਿਆਲਾ (ਅਰਵਿੰਦਰ ਸਿੰਘ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਵਿਆਪੀ ਲਾਕਡਾਊਨ ਅਤੇ ਪਟਿਆਲਾ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿਊ ਦੇ ਮੱਦੇਨਜ਼ਰ 200 ਦੇ ਕਰੀਬ ਦਿਹਾੜੀਦਾਰ ਮਜ਼ਦੂਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਅਤ ਜਗ੍ਹਾ ਵਿਖੇ ਠਹਿਰਾਇਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਭਾਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਅਪੀਲ ਮਗਰੋਂ ਜ਼ਿਲ੍ਹੇ ਦੀਆਂ ਸਮੁਚੀਆਂ ਉਦਯੋਗਿਕ ਇਕਾਈਆਂ ਨੇ ਆਪਣੇ ਪੱਧਰ ‘ਤੇ ਉਨ੍ਹਾਂ ਕੋਲ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ-ਸਹਿਣ ਦੇ ਪ੍ਰਬੰਧ ਕੀਤੇ ਹਨ ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਇਨ੍ਹਾਂ ਬਾਰੇ ਲਗਾਤਾਰ ਰਾਬਤਾ ਬਣਾਇਆ ਹੋਇਆ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜਨਾਂ ਵਿਖੇ ਸ਼ੈਲਟਰ ਹੋਮਜ ਬਣਾਏ ਗਏ ਸਨ ਪਰੰਤੂ ਕਿਸੇ ਵੀ ਥਾਂ ਪ੍ਰਵਾਸੀ ਮਜ਼ਦੂਰਾਂ ਨੂੰ ਇਨ੍ਹਾਂ ਥਾਵਾਂ ਵਿਖੇ ਰੱਖਣ ਦੀ ਲੋੜ ਨਹੀਂ ਪਈ ਕਿਉਂਕਿ ਇਹ ਲੋਕ ਸਬੰਧਤ ਉਦਯੋਗਿਕ ਇਕਾਈਆਂ ਵਿਖੇ ਹੀ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਪਰੰਤੂ ਪਾਤੜਾਂ ਅਤੇ ਸਮਾਣਾਂ ਵਿਖੇ ਕੋਈ 600 ਦੇ ਕਰੀਬ ਅਜਿਹੇ ਮਜ਼ਦੂਰ ਆਪੋ-ਆਪਣੀਆਂ ਪਹਿਲਾਂ ਵਾਲੀਆਂ ਥਾਵਾਂ ‘ਤੇ ਹੀ ਰਹਿ ਰਹੇ ਹਨ, ਜਿਨ੍ਹਾਂ ਨੂੰ ਲੋੜੀਂਦਾ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਪਟਿਆਲਾ ਸ਼ਹਿਰ ਵਿਖੇ ਕੁਝ ਮਜ਼ਦੂਰਾਂ ਬਾਰੇ ਮਾਮਲਾ ਸਾਹਮਣੇ ਆਉਣ ‘ਤੇ ਐਸ.ਡੀ.ਐਮ. ਪਟਿਆਲਾ ਸ. ਚਰਨਜੀਤ ਸਿੰਘ ਨੇ ਇਨ੍ਹਾਂ ਦੇ ਰਹਿਣ ਤੇ ਖਾਣ ਪੀਣ ਲਈ ਪ੍ਰਬੰਧ ਕਰਦਿਆਂ ਇਨ੍ਹਾਂ ਨੂੰ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਠਹਿਰਾਇਆ ਗਿਆ। ਜਿੱਥੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ. ਸਰਬੇਸ਼ਵਰ ਸਿੰਘ ਮੋਹੀ ਇਨ੍ਹਾਂ ਦੀ ਦੇਖ ਰੇਖ ਕਰ ਰਹੇ ਹਨ ਅਤੇ ਇਨ੍ਹਾਂ ਨੂੰ ਸੌਣ ਲਈ ਕਮਰਾ/ਬਿਸਤਰਾ ਅਤੇ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਨ੍ਹਾਂ ਮਜ਼ਦੂਰਾਂ ਦੇ ਰਹਿਣ ਵਾਲੀ ਥਾਂ ਵਿਖੇ ਕੋਵਿਡ-19 ਪ੍ਰੋਟੋਕਾਲ ਮੁਤਾਬਕ ਸਮਾਜਿਕ ਵਿੱਥ ਬਣਾ ਕੇ ਰੱਖਣ ਅਤੇ ਸਵੱਛਤਾ ਲਈ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕਰਦਿਆਂ ਇਨ੍ਹਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਜ਼ਦੂਰਾਂ ਦੀ ਸਿਹਤ ਜਾਂਚ ਕਰਵਾਈ ਜਾਵੇਗੀ ਅਤੇ ਮਿਥੇ ਸਮੇਂ ਤੱਕ ਇਨ੍ਹਾਂ ਨੂੰ ਰਹਿਣ-ਸਹਿਣ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਜਿਕਰਯੋਗ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਸਕੱਤਰ ਵੱਲੋਂ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 10(2)(ਆਈ) ਤਹਿਤ ਜਾਰੀ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਕੰਮ ਕਰਦੇ ਦੂਜੇ ਰਾਜਾਂ ਦੇ ਵਸਨੀਕਾਂ ਤੇ ਮਜ਼ਦੂਰਾਂ ਲਈ ਫੈਕਟਰੀ ਮਾਲਕਾਂ ਵੱਲੋਂ ਉਨ੍ਹਾਂ ਦੇ ਰਹਿਣ-ਸਹਿਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਵੀ ਜਾਰੀ ਕੀਤੇ ਸਨ। ਇਨ੍ਹਾਂ ਮਜ਼ਦੂਰਾਂ ਨੂੰ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਆਪਣੀ ਥਾਂ ਛੱਡਕੇ ਨਹੀਂ ਜਾਣ ਦਿੱਤਾ ਜਾਵੇਗਾ।