ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਅਤੇ ਹੋਰ ਲੋਕਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਇਥੋਂ ਦੇ ਨੇੜਲੇ ਪਿੰਡ ਇਕੋਲਾਹੀ ਦੇ ਕਿਸਾਨਾਂ ਦਾ ਜੱਥਾ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਨੇਤਰ ਸਿੰਘ ਨਾਗਰਾ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਦੇ ਹਿੱਤ ਪੂਰਨ ਲਈ ਕਾਲੇ ਕਾਨੂੰਨਾਂ ਦਾ ਸਹਾਰਾ ਲੈ ਰਹੀ ਹੈ, ਅਸਲ ਵਿਚ ਇਹ ਕਾਨੂੰਨ ਕਿਸਾਨਾਂ ਲਈ ਮੌਤ ਦੇ ਫਤਵੇ ਸਮਾਨ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕੇੇਂਦਰ ਸਰਕਾਰ ਤੋਂ ਲਖੀਮਪੁਰ ਖੀਰੀ ਵਿਖੇ ਹੋਈ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ। ਕਿਸਾਨਾਂ ਨੇ ਹਰ ਵਰਗ ਦੇ ਲੋਕਾਂ ਨੂੰ ਦਿੱਲੀ ਧਰਨੇ ਵਿਚ ਹਾਜ਼ਰੀ ਲਵਾਉਣ ਦੀ ਅਪੀਲ ਕੀਤੀ ਤਾਂ ਜੋ ਜਲਦ ਤੋਂ ਜਲਦ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਬਹਾਲ ਸਿੰਘ, ਮਨਦੀਪ ਸਿੰਘ, ਰਾਜਪਾਲ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਜਗਵੀਰ ਸਿੰਘ ਆਦਿ ਹਾਜ਼ਰ ਸਨ।