ਲੰਬੀ, ਮੀਡੀਆ ਬਿਊਰੋ: ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ’ਚ ਵੱਡੀ ਗਿਣਤੀ ਵਿਚ ਵੋਟਾਂ ਪਾਉਣ ਲਈ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਨਾਲ ਨਾ ਤਾਂ ਕੋਈ ਰਿਸ਼ਤਾ ਹੈ ਤੇ ਨਾ ਹੀ ਇਸ ਨੂੰ ਪੰਜਾਬ ਨਾਲ ਹਮਦਰਦੀ ਹੈ। ਇਥੇ ਸਾਰੇ ਬਾਦਲ ਪਰਿਵਾਰ ਦੇ ਨਾਲ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਜੋ ਲੰਬੀ ਹਲਕੇ ਤੋਂ ਚੋਣ ਲੜ ਰਹੇ ਹਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਾਹਰਲਿਆਂ ਦੀ ਪਾਰਟੀ ਹੈ ਤੇ ਇਹ ਕਦੇ ਵੀ ਪੰਜਾਬੀਆਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਕਰ ਸਕਦੀ।
ਉੁਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਲੋਕਾਂ ਲਈ ਅਪਮਾਨਜਨਕ ਸ਼ਬਦ ਵਰਤਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਤੁਸੀਂ ਹੋਰਨਾਂ ਰਾਜਾਂ ਦੇ ਲੋਕਾਂ ਨਾਲ ਬਦਸਲੂਕੀ ਕਰੋਗੇ ਤਾਂ ਫਿਰ ਤੁਹਾਡੇ ਨਾਲ ਵੀ ਅਜਿਹਾ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉੱਤਰ ਪ੍ਰਦੇਸ਼ ਜਾਂ ਬਿਹਾਰ ਜਾਂ ਹੋਰ ਰਾਜਾਂ ਨੇ ਪੰਜਾਬੀਆਂ ਨੂੰ ਬਾਹਰ ਕੱਢ ਦਿੱਤਾ ਤਾਂ ਕੀ ਤੁਸੀਂ ਉਨ੍ਹਾਂ ਦੀ ਮਦਦ ਕਰ ਸਕੋਗੇ? ਬਹੁਤ ਸਾਰੇ ਲੋਕ ਬਾਹਰਲੇ ਇਥੇ ਵੱਸਦੇ ਹਨ ਤੇ ਇਥੇ ਹੀ ਉਨ੍ਹਾਂ ਦੇ ਕਾਰੋਬਾਰ ਹਨ। ਤੁਸੀਂ ਉਨ੍ਹਾਂ ਨਾਲ ਬਦਸਲੂਕੀ ਕਰੋਗੇ ਤਾਂ ਤੁਹਾਡੇ ਨਾਲ ਵੀ ਅਜਿਹਾ ਹੀ ਹੋਵੇਗਾ। ਸਾਬਕਾ ਮੁੱਖ ਮੰਤਰੀ ਨੇ ਸਾਰੇ ਪਰਿਵਾਰ ਦੇ ਨਾਲ ਡੱਟਣ ’ਤੇ ਵੀ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਵਾਲੀ ਗੱਲ ਹੈ ਕਿ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਇਕ ਥਾਂ ’ਤੇ ਖੜ੍ਹੀਆਂ ਹਨ। ਉਨ੍ਹਾਂ ਨੇ ਕਈ ਸਿਆਸੀ ਪਾਰਟੀਆਂ ਵੱਲੋਂ ਵਿਖਾਈ ਮੌਕਾਪ੍ਰਸਤੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿਆਸਤ ਤੇ ਸਿਆਸਤਦਾਨਾਂ ਦਾ ਪੱਧਰ ਕਈ ਆਗੂਆਂ ਵੱਲੋਂ ਵਾਰ ਵਾਰ ਪਾਰਟੀਆਂ ਬਦਲਣ ਨਾਲ ਹੇਠਾਂ ਆਇਆ ਹੈ।