ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰੋਨਾ ਦੀ ਆੜ ਹੇਠ ਬਣਾਏ ਕਾਲੇ ਕਾਨੂੰਨ ਪਾਸ ਕਰਵਾਉਣ ਲਈ ਬਾਦਲ ਪਰਿਵਾਰ ਤੇ ਕਾਂਗਰਸ ਸਰਕਾਰ ਦਾ ਵੱਡਾ ਯੋਗਦਾਨ ਹੈ, ਜੇਕਰ ਅਕਾਲੀ ਦਲ ਤੇ ਕਾਂਗਰਸ ਸਰਕਾਰ ਆਪਣੀ ਸਹੀ ਜ਼ਿੰਮੇਵਾਰੀ ਨਿਭਾਉਂਦੇ ਤਾਂ ਇਹ ਕਾਨੂੰਨ ਕਦੇ ਵੀ ਦੇਸ਼ ਵਿਚ ਲਾਗੂ ਨਹੀਂ ਹੋ ਸਕਦੇ ਸੀ। ਇਹ ਗੱਲ ਅੱਜ ਇਥੇ ਲੋਕ ਚੇਤਨਾ ਲਹਿਰ ਪੰਜਾਬ ਦੇ ਪ੍ਰਧਾਨ ਅਤੇ ਅਕਾਲੀ ਦਲ ਸੰਯੁਕਤ ਦੇ ਆਗੂ ਸੰਦੀਪ ਸਿੰਘ ਰੁਪਾਲੋਂ ਨੇ ਕਹੀ। ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਕਾਨੂੰਨਾਂ ਦਾ ਖਰੜਾ ਤਿਆਰ ਕੀਤਾ ਗਿਆ ਤਾਂ ਭਾਜਪਾ ਸਰਕਾਰ ਵੱਲੋਂ ਇਨ੍ਹਾਂ ਦੀ ਆਪਣੀ ਸਹਿਯੋੋਗੀ ਦਲਾਂ ਨਾਲ ਚਰਚਾ ਜ਼ਰੂਰ ਕੀਤੀ ਗਈ ਹੋਵੇਗੀ।
ਉਨ੍ਹਾਂ ਕਿਹਾ ਕਿ ਇਹ ਕਿਵੇਂ ਹੋ ਸਕਦਾ ਹੈ ਕਿ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ ਹੋਣ ’ਤੇ ਉਨ੍ਹਾਂ ਦੀ ਰਾਏ ਨਾ ਲਈ ਗਈ ਹੋਵੇ ਜੇਕਰ ਅਕਾਲੀ ਦਲ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਬਾਰੇ ਬਿਲਕੁੱਲ ਹੀ ਨਹੀਂ ਪਤਾ ਸੀ ਤਾਂ ਫ਼ਿਰ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਇਨ੍ਹਾਂ ਕਾਨੂੰਨਾਂ ਦੀ ਵਕਾਲਤ ਕਿਉਂ ਕਰਦੇ ਰਹੇ।
ਇਸ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਦਲ ਨੇ ਵੀ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਬਿਆਨ ਦਿੱਤੇ ਤੇ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰਾਂ ਤੋਂ ਸੁਝਾਅ ਮੰਗੇ ਤਾਂ ਮਨਪ੍ਰੀਤ ਸਿੰਘ ਬਾਦਲ ਉਨ੍ਹਾਂ ਮੀਟਿੰਗਾਂ ਵਿਚ ਸ਼ਾਮਲ ਹੁੰਦੇ ਰਹੇ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਦੇਸ਼ ਕਿਸਾਨਾਂ ਦੇ ਹੱਕ ਵਿਚ ਸੜਕਾਂ ’ਤੇ ਆ ਗਿਆ ਤਾਂ ਮਜ਼ਬੂਰ ਹੋ ਕੇ ਅਕਾਲੀ ਦਲ ਨੂੰ ਸਰਕਾਰ ਵਿਚੋਂ ਬਾਹਰ ਆਉਣਾ ਪਿਆ। ਇਸ ਮੌਕੇ ਅਰਮਜੀਤ ਸਿੰਘ ਬਾਲਿਓ, ਮਨਮੋਹਨ ਸਿੰਘ, ਸਰਬਜੀਤ ਸਿੰਘ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਹੁਣ ਅਕਾਲੀ ਦਲ ਨੂੰ ਕਾਲਾ ਦਿਵਸ ਮਨਾਉਣ ਦਾ ਕੋਈ ਅਧਿਕਾਰ ਨਹੀਂ, ਜਦੋਂ ਦੇਸ਼ ਦੇ ਕਿਸਾਨ ਲੁੱਟੇ ਗਏ ਤਾਂ ਹੁਣ ਮਗਰਮੱਛ ਦੇ ਹੰਝੂ ਵਹਾਉਣ ਦਾ ਕੋਈ ਫਾਇਦਾ ਨਹੀਂ।