ਖੰਨਾ (ਪਰਮਜੀਤ ਸਿੰਘ ਧੀਮਾਨ) – ਗਵਰਨਰ ਪੰਜਾਬ ਵੀ. ਪੀ. ਸਿੰਘ ਬਦਨੌਰ ਦੇ ਨਾਂਅ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਫ਼ਦ ਨੇ ਏ. ਡੀ. ਸੀ. ਖੰਨਾ ਸਕੱਤਰ ਸਿੰਘ ਬੱਲ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿਚ ਮੰਗ ਕੀਤੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਤੇ ਬੇਅਦਬੀ ਕਰਨ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ ਅਤੇ ਐਸ. ਜੀ. ਪੀ. ਸੀ. ਦੀਆਂ ਸਹੀ ਸਮੇਂ ਜਰਨਲ ਚੋਣਾਂ ਕਰਵਾਈਆਂ ਜਾਣ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬੋਪਾਰਾਏ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਐਸਜੀਪੀਸੀ ਦੀਆਂ ਚੋਣਾਂ ਹਰ 5 ਸਾਲ ਬਾਅਦ ਹੁੰਦੀਆਂ ਹਨ ਪਰ ਹੁਣ 10 ਸਾਲ ਬੀਤ ਜਾਣ ਤੇ ਵੀ ਇਸ ਸੰਸਥਾ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ।
ਮਿਆਦ ਪੁਗਾ ਚੁੱਕੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਾਜ਼ਿਸ਼ ਅਧੀਨ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲਾਪਤਾ ਕਰ ਦਿੱਤੇ, ਗੋਲਕ ਦੀ ਵੱਡੀ ਪੱਧਰ ਤੇ ਦੁਰਵਰਤੋਂ ਕੀਤੀ ਜਾਂਦੀ ਹੈ, ਸ਼੍ਰੋਮਣੀ ਕਮੇਟੀ ਦੇ ਵਾਹਨਾਂ, ਜ਼ਮੀਨ-ਜਾਇਦਾਦਾਂ ਦੀ ਸਿਆਸੀ ਮਨੋਰਥਾਂ ਲਈ ਦੁਰਵਰਤੋਂ ਹੁੰਦੀ ਹੈ। ਉਪਰੋਕਤ ਆਗੂਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਮੇਟੀ ਦੀਆਂ ਜਲਦ ਚੋਣਾਂ ਕਰਵਾਈਆਂ ਜਾਣ, ਸਿੱਖ ਕੌਮ ਦੇ ਕਾਤਲ ਸਿਆਸਤਦਾਨਾਂ ਤੇ ਪੁਲੀਸ ਅਧਿਕਾਰੀਆਂ ਖਿਲਾਫ ਕਾਰਵਾਈ ਕਰਕੇ ਸਖ਼ਤ ਸ਼ਜਾਵਾਂ ਸੁਣਾਈਆਂ ਜਾਣ। ਇਸ ਮੌਕੇ ਪ੍ਰਿਤਪਾਲ ਸਿੰਘ, ਬਲਵਿੰਦਰ ਸਿੰਘ, ਰਾਮ ਪਾਲ ਸਿੰਘ, ਜਸਵੰਤ ਸਿੰਘ, ਕਸ਼ਮੀਰ ਸਿੰਘ, ਦਲਜੀਤ ਸਿੰਘ, ਅਮਨਦੀਪ ਸਿੰਘ, ਹਰਜੀਤ ਕੌਰ, ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ।