ਚੰਡੀਗੜ੍ਹ, ਮਿਡਿਆ ਬਿਊਰੋ:
ਆਮ ਆਦਮੀ ਪਾਰਟੀ (Aam Aadmi Party) ਦੀ ਨਵੀਂ ਸਰਕਾਰ ਨੇ 17 ਮਾਰਚ ਨੂੰ ਵਿਧਾਨ ਸਭਾ ਦਾ ਸੈਸ਼ਨ (Punjab Vidhan Sabha Session) ਬੁਲਾਇਆ ਹੈ। ਥੋੜ੍ਹੀ ਦੇਰ ‘ਚ ਸੰਸਦੀ ਮਾਮਲਿਆਂ ਬਾਰੇ ਵਿਭਾਗ ਵੱਲੋਂ ਇਸ ਸਬੰਧੀ ਪੱਤਰ ਵਿਧਾਨ ਸਭਾ ਸਕੱਤਰੇਤ ਨੂੰ ਭੇਜਿਆ ਜਾ ਰਿਹਾ ਹੈ।
ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪੰਜਾਬ ਵਿੱਚ ਲਾਗੂ ਆਦਰਸ਼ ਚੋਣ ਜ਼ਾਬਤੇ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 08 ਜਨਵਰੀ 2022 ਨੂੰ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਸੀ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ.ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਤੇ ਮੁੱਖ ਚੋਣ ਅਫ਼ਸਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਭਾਰਤੀ ਚੋਣ ਕਮਿਸ਼ਨ ਨੇ ਲਿਖਿਆ ਹੈ ਕਿ ਹੁਣ ਜਦੋਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਅਜਿਹੀ ਸਥਿਤੀ ‘ਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਂਦਾ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਮਿਲ ਗਿਆ ਹੈ। ਭਗਵੰਤ ਮਾਨ ਨੂੰ ਪਾਰਟੀ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਅੱਜ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿਖੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।