ਸਿਹਤ ਵਿਭਾਗ ਵਿੱਚ 21 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 21 ਮੈਡੀਕਲ ਅਫਸਰਾਂ (ਸਪੈਸ਼ਲਿਸਟ) ਨੂੰ ਨਿਯੁਕਤੀ ਪੱਤਰ ਸੌਂਪੇ। ਇਨਾਂ ਵਿੱਚ ਇੱਕ ਮੈਡੀਸਨ ਸਪੈਸ਼ਲਿਸਟ, 9 ਐਨਸਥੀਸੀਆ ਸਪੈਸ਼ਲਿਸਟ, 4 ਪੀਡੀਆਟਿ੍ਰਕਸ, ਤਿੰਨ ਇਸਤਰੀ ਰੋਗਾਂ ਦੇ ਮਾਹਰ, ਇੱਕ ਛਾਤੀ ਅਤੇ ਟੀਬੀ ਮਾਹਰ, ਇੱਕ ਕਮਿਊਨਿਟੀ ਮੈਡੀਸਨ ਮਾਹਰ ਅਤੇ 2 ਫੌਰੈਂਸਿਕ ਮੈਡੀਸਨ ਸਪੈਸ਼ਲਿਸਟ ਸ਼ਾਮਲ ਹਨ। ਇਸ ਭਰਤੀ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਨੇ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ’ਘਰ ਘਰ ਰੋਜਗਾਰ ਯੋਜਨਾ’ ਅਧੀਨ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਇੱਕ ਵਿਸ਼ੇਸ਼ ਪਹਿਲਕਦਮੀ ਦੀ ਕਲਪਨਾ ਕੀਤੀ ਸੀ।

ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਉਦੇਸ਼ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਪੰਜਾਬ ਨੇ ਸਾਲ 2017 ਤੋਂ 2021 ਤੱਕ ਮੈਡੀਕਲ ਅਫਸਰਾਂ ਸਮੇਤ ਪੈਰਾ ਮੈਡੀਕਲ ਅਤੇ ਹੋਰ ਸਟਾਫ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਪੂਰੀ ਕਰ ਲਈ ਹੈ ਜਦੋਂ ਕਿ ਹੋਰ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨਾਂ ਕਿਹਾ ਕਿ ਇਹ ਸਾਰੀਆਂ ਨਿਯੁਕਤੀਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਸ. ਸਿੱਧੂ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਉਨਾਂ ਨੂੰ ਸੂਬੇ ਦੀਆਂ ਵੱਖ -ਵੱਖ ਸਿਹਤ ਸੰਸਥਾਵਾਂ ਵਿੱਚ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

ਉਨਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਦੌਰਾਨ, ਸਿਹਤ ਵਿਭਾਗ ਦਾ ਸਟਾਫ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾ ਰਿਹਾ ਹੈ ਅਤੇ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਹੈ। ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾ. ਜੀ.ਬੀ. ਸਿੰਘ ਨੇ ਸਿਹਤ ਵਿਭਾਗ ਵਿੱਚ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਸਟਾਫ ਨੂੰ ਜੀ ਆਇਆਂ ਆਖਿਆ। ਉਨਾਂ ਨੇ ਨਵ ਨਿਯੁਕਤ ਡਾਕਟਰਾਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਇਨਾਂ ਨਵ ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਆਪਣੀ ਡਿਊਟੀ ਵਧੇਰੇ ਕੁਸ਼ਲਤਾ ਨਾਲ ਨਿਭਾਉਂਦਿਆਂ ਇਸ ਮਹਾਂਮਾਰੀ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਦੇ ਕੇ ਰਾਸਟਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ ਚੰਦ ਸਰਮਾ, ਸਿਹਤ ਮੰਤਰੀ ਦੇ ਓਐਸਡੀ ਡਾ. ਬਲਵਿੰਦਰ ਸਿੰਘ, ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ, ਸਟੇਟ ਹੈਲਥ ਐਜੂਕੇਟਰ ਜਗਜੀਵਨ ਸਰਮਾ, ਕਲਾਕਾਰ ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Share This :

Leave a Reply