ਕੋਵਾ ਐਪ ਡਾਊਨਲੋਡ ਕਰਵਾਉਣ ਬਾਰੇ ਜਾਗਰੂਕ ਕੀਤਾ
ਨਾਭਾ/ਭਾਦਸੋਂ (ਤਰੁਣ ਮਹਿਤਾ) ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਮਿਸ਼ਨ ਫ਼ਤਿਹ’ ਤਹਿਤ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਤਹਿਤ ਨਗਰ ਪੰਚਾਇਤ ਭਾਦਸੋਂ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਅਸੀਸ਼ ਕੁਮਾਰ ਨੇ ਆਸ਼ਾ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ।ਸ੍ਰੀ ਅਸੀਸ਼ ਕੁਮਾਰ ਨੇ ਇਸ ਮੌਕੇ ਆਸ਼ਾ ਵਰਕਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭ ਕੀਤੇ ਮਿਸ਼ਨ ਫ਼ਤਿਹ ਬਾਰੇ ਜਾਣੂ ਕਰਵਾਇਆ।
ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਭਾਦਸੋਂ ਨਗਰ ਪੰਚਾਇਤ ਵਿਖੇ ਏਕਾਂਤਵਾਸ ਕੀਤੇ ਗਏ ਵਿਅਕਤੀਆਂ ਦੇ ਵੇਰਵੇ ਇਕੱਤਰ ਕਰਨ, ਉਨ੍ਹਾਂ ਦੇ ਮੋਬਾਇਲ ਫੋਨਾਂ ਵਿੱਚ ਕੋਵਾ ਪੰਜਾਬ ਐਪ ਡਾਊਨ ਲੋਡ ਕਰਨ ਬਾਰੇ ਜਾਗਰੂਕ ਕੀਤਾ। ਇਸ ਤੋਂ ਬਿਨ੍ਹਾਂ ਉਨ੍ਹਾਂ ਕਿਹਾ ਕਿ ਹਰ ਵਿਅਕਤੀ ਕੋਵਾ ਐਪ ਡਾਊਨਲੋਡ ਕਰੇ ਤਾਂ ਜੋ ਉਹ ਕੋਵਿਡ-19 ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰ ਸਕੇ।ਕਾਰਜ ਸਾਧਕ ਅਫ਼ਸਰ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਮਿਸ ਜਸ਼ਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਭਾਦਸੋਂ ਨਗਰ ਪੰਚਾਇਤ ਵਿਖੇ ਕੋਵਿਡ-19 ਤੋਂ ਬਚਾਅ ਅਤੇ ਜਾਗਰੂਕਤਾ ਲਈ ਲਈ ਜਿੱਥੇ ਮਿਸ਼ਨ ਫ਼ਤਿਹ ਦੇ ਹੋਰਡਿੰਗਜ ਲਗਵਾਏ ਗਏ ਹਨ, ਉਥੇ ਹੀ ਆਸ਼ਾ ਵਰਕਰਾਂ ਅਤੇ ਨਗਰ ਪੰਚਾਇਤ ਵੱਲੋਂ ਕੋਰੋਨਾਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਮਾਸਕ ਪਾਉਣ ਅਤੇ ਆਪਸੀ ਦੂਰੀ ਬਣਾ ਕੇ ਰੱਖਣ ਲਈ ਸੁਚੇਤ ਕੀਤਾ ਜਾ ਰਿਹਾ ਹੈ। ਇਸ ਮੀਟਿੰਗ ‘ਚ ਆਸ਼ਾ ਵਰਕਰਾਂ ਅਤੇ ਹੋਰ ਕਰਮਚਾਰੀ ਮੌਜੂਦ ਸਨ।ਸ੍ਰੀ ਅਸੀਸ਼ ਕੁਮਾਰ ਨੇ ਕਿਹਾ ਕਿ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਸਮੇਤ ਘਰੇਲੂ ਇਕਾਂਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿੱਚ ਜ਼ੁਰਮਾਨੇ, ਮਹਾਮਾਰੀ ਵਿਰੁੱਧ ਮਿਲ ਕੇ ਲੜਨ ਲਈ ਸਮਾਜ ਦੀ ਲਾਮਬੰਦੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇਗੀ।