ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ਸਰਕਾਰ (Punjab Govt) ਨੇ ਸੂਬੇ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਦਿੱਤੀ ਰਾਸ਼ੀ ਵਿਚੋਂ ਅਣਵਰਤੀ ਰਾਸ਼ੀ 31 ਮਾਰਚ ਯਾਨੀ ਅੱਜ ਤਕ ਸਰਕਾਰੀ ਖਜ਼ਾਨੇ ‘ਚ ਜਮ੍ਹਾਂ ਕਰਵਾਉਣ ਦੀ ਹਦਾਇਤ ਜਾਰੀ ਕੀਤੀ ਹੈ। ਇਸ ਬਾਰੇ ਪੰਜਾਬ ਸਰਕਾਰ ਨੇ 28 ਮਾਰਚ 2022 ਨੂੰ ਹੁਕਮ ਜਾਰੀ ਕਰ ਕੇ ਅਣਵਰਤੀ ਰਾਸ਼ੀ ਦੇ ਵੇਰਵੇ ਮੰਗੇ ਸਨ ਤੇ ਮਿਲੇ ਵੇਰਵਿਆਂ ਮੁਤਾਬਕ 99.00 ਕਰੋੜ ਰੁਪਏ ਦੀ ਰਾਸ਼ੀ ਅਣਵਰਤੀ ਪਈ ਹੈ। ਹੁਣ ਸੂਬਾ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਕਿ ਇਸ ਰਕਮ ਨੂੰ ਵਿਆਜ ਸਮੇਤ 31 ਮਾਰਚ 2022 ਤੋਂ ਪਹਿਲਾਂ ਖ਼ਜ਼ਾਨੇ ‘ਚ ਜਮ੍ਹਾਂ ਕਰਵਾ ਕੇ ਯੋਜਨਾਬੰਦੀ ਵਿਭਾਗ ਨੂੰ ਸੂਚਿਤ ਕੀਤਾ ਜਾਵੇ।
ਪੰਜਾਬ ਸਰਕਾਰ ਦੇ ਯੋਜਨਾਬੰਦੀ ਵਿਭਾਗ ਵੱਲੋਂ ਅੱਜ ਸਮੂਹ ਡੀਸੀਜ਼ ਨੂੰ ਇਸ ਬਾਰੇ ਪੱਤਰ ਲਿਖਿਆ ਹੈ ਜਿਸ ਵਿਚ ਦੱਸਿਆ ਗਿਆ ਕਿ ਸਾਲ 2021-22 ਦੌਰਾਨ 2044.14 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਦੀਆਂ ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਸੈਕਸ਼ਨਾਂ ਰਾਹੀਂ ਵਿਕਾਸ ਕਾਰਜਾਂ ਵਾਸਤੇ ਅਲਾਟ ਕੀਤੀ ਗਈ ਸੀ।






















