ਵੱਡੀ ਖ਼ਬਰ: ਭਾਰੀ ਮੀਂਹ ‘ਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਫਿਰ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਾਠੀਚਾਰਜ, ਮਹਿਲਾ ਅਧਿਆਪਕ ਬੇਹੋਸ਼

 ਜਲੰਧਰ, ਮੀਡੀਆ ਬਿਊਰੋ:

ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਜਲੰਧਰ ਬੱਸ ਸਟੈਂਡ ਕੋਲ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਖਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਅੱਜ ਦਿੱਤੇ ਗਏ ਸੂਬਾ ਪੱਧਰੀ ਸੱਦੇ ਤਹਿਤ ਭਾਰੀ ਮੀਂਹ ਹੋਣ ਦੇ ਬਾਵਜੂਦ ਵੀ ਪੰਜਾਬ ਭਰ ‘ਚੋ ਵੱਡੀ ਗਿਣਤੀ ਵਿੱਚ ਪਹੁੰਚੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ। ਸਿੱਖਿਆ ਮੰਤਰੀ ਦੀ ਕੋਠੀ ਕੋਲ ਜਾ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੂੰ ਭਾਰੀ ਪੁਲਿਸ ਬਲ ਲਗਾ ਕੇ ਰੋਕੀਆ ਗਿਆ। ਬੇਰੁਜ਼ਗਾਰ ਅਧਿਆਪਕਾਂ ਜਦੋਂ ਅੱਗੇ ਵੱਧਣ ਲੱਗੇ ਤਾਂ ਪੁਲਿਸ ਨਾਲ ਬੇਰੁਜ਼ਗਾਰ ਅਧਿਆਪਕਾਂ ਦੀ ਧੱਕਾਮੁੱਕੀ ਹੁੰਦੀ ਰਹੀ।

ਇਸ ਪ੍ਰਦਰਸ਼ਨ ਦੌਰਾਨ ਪੁਲਿਸ ਨਾਲ ਝੜਪ ਦੌਰਾਨ ਇੱਕ ਮਹਿਲਾ ਅਧਿਆਪਕ ਤੱਕ ਬੇਹੋਸ਼ ਹੋ ਗਈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਮੰਗਾਂ ਮੰਨ ਲਏ ਜਾਣ ਦਾ ਭਰੋਸਾ ਦੇਣ ਤੇ ਸਾਂਤ ਕੀਤਾ ਗਿਆ। ਪ੍ਰਸ਼ਾਸਨ ਵੱਲੋਂ ਮੌਕੇ ਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਈ ਗਈ, ਜਿਸ ਵਿੱਚ ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਹੀ ਸਿੱਖਿਆ ਮੰਤਰੀ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਧਰਨੇ ‘ਚ ਆਏ ਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਗਈਆਂ ਅਤੇ ਇੱਕ-ਦੋ ਦਿਨਾਂ ‘ਚ ਉਨ੍ਹਾਂ ਦੀਆਂ 5994 ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਇੱਕ ਦੋ ਦਿਨਾਂ ਤੱਕ ਜਾਰੀ ਹੋ ਜਾਵੇਗਾ ਜਿਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ।

ਉੱਧਰ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਦੇਸੂ ਮਾਜਰਾ ਵਿਖੇ ਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਅੱਜ 80ਵੇਂ ਦਿਨ ਵੀ ਟੈਂਕੀ ਦੇ ਉੱਪਰ ਡਟੇ ਰਹੇ, ਪਰ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ।

ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਤੇ ਮੰਗਾਂ ਮੰਨਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।

ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ,ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਬਲਵਿੰਦਰ ਕਾਕਾ, ਕੁਲਦੀਪ ਖੋਖਰ, ਨਿਰਮਲ ਜ਼ੀਰਾ, ਰਾਜ਼ਸੁਖਵਿੰਦਰ ਗੁਰਦਾਸਪੁਰ, ਸ਼ਲਿੰਦਰ ਕੰਬੋਜ, ਰਵਿੰਦਰ ਅਬੋਹਰ, ਗੁਰਪ੍ਰੀਤ ਫਾਜ਼ਿਲਕਾ, ਦੇਸਰਾਜ ਜਲੰਧਰ, ਮਨੀ ਸੰਗਰੂਰ, ਸੁਰਿੰਦਰਪਾਲ ਗੁਰਦਾਸਪੁਰ, ਸੋਨੀਆ ਪਟਿਆਲਾ, ਜੱਗਾ ਬੋਹਾ, ਡਾ. ਪਰਵਿੰਦਰ ਲੌਹਰੀਆ ਨੇ ਕਿਹਾ ਕਿ ਘਰ ਘਰ ਨੌਕਰੀ ਦੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਸੱਤਾ ਦੇ ਵਿੱਚ ਇੰਨੇ ਹੰਕਾਰੀ ਹੋ ਚੁੱਕੇ ਹਨ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ ਕਿ ਉਨ੍ਹਾਂ ਦੀ ਆਵਾਜ਼ ਵੀ ਨਹੀਂ ਸੁਣ ਰਹੇ ਉਹ ਭੁੱਲ ਚੁੱਕੇ ਹਨ ਜਿਹੜੇ ਲੋਕ ਉਨ੍ਹਾਂ ਨੂੰ ਸੱਤਾ ਵਿੱਚ ਬਿਠਾ ਸਕਦੇ ਹਨ ਉਹੀ ਲੋਕ ਪੰਜਾਬ ਵਿੱਚ ਆਉਣ ਵਾਲੇ ਸਮੇਂ ਚ ਕਾਂਗਰਸ ਸਰਕਾਰ ਦਾ ਸਫ਼ਾਇਆ ਵੀ ਕਰ ਦੇਣਗੇ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਵੇਂ ਅੱਜ ਚੋਣ ਜ਼ਾਬਤਾ ਲੱਗ ਜਾਂਦਾ ਹੈ ਪਰ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਚੋਣ ਜ਼ਾਬਤੇ ਕਰਕੇ ਠੰਡਾ ਨਹੀਂ ਪਵੇਗਾ ਸਗੋਂ ਪਿੰਡਾਂ ਵਿਚ ਕਾਂਗਰਸ ਸਰਕਾਰ ਖਿਲਾਫ ਮੁਹਿੰਮ ਛੇੜੀ ਜਾਵੇਗੀ, ਜਿਸ ਵਿਚ ਲੋਕਾਂ ਦੱਸਿਆ ਜਾਵੇਗਾ ਕਿ ਪੰਜ ਸਾਲ ਕਾਂਗਰਸ ਸਰਕਾਰ ਨੇ ਕਿਵੇਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਨਾਂ ਤੇ ਉਨ੍ਹਾਂ ਨਾਲ ਧੋਖਾ ਕੀਤਾ ਹੈ।

Share This :

Leave a Reply