ਬਿਕਰਮ ਮਜੀਠੀਆ ਨੂੰ ਝਟਕਾ!

ਮੋਹਾਲੀ ਅਦਾਲਤ ਨੇ ਰੱਦ ਕੀਤੀ ਜ਼ਮਾਨਤ ਅਰਜ਼ੀ, ਜੇਲ੍ਹ ‘ਚ ਇੰਝ ਬਿਤਾਈ ਰਾਤ

ਚੰਡੀਗੜ੍ਹ, ਮੀਡੀਆ ਬਿਊਰੋ:

ਡਰੱਗ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ ਲੱਗਾ ਹੈ। ਮੋਹਾਲੀ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਲੰਘੇ ਦਿਨ ਮਜੀਠੀਆ ਵੱਲੋਂ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ ਸੀ, ਜਿਸ ਪਿੱਛੋਂ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਜੂਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਸੀ।

ਦੱਸਣਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਇੱਕ ਅਪਰਾਧਿਕ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜੋ ਕਿ ਖਤਮ ਹੋ ਚੁੱਕੀ ਹੈ। ਬਿਕਰਮ ਸਿੰਘ ਮਜੀਠੀਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਭਰਾ ਹਨ ਅਤੇ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜ ਚੁੱਕੇ ਹਨ।

ਮਜੀਠੀਆ ਨੇ ਜੇਲ੍ਹ ਮੈਨੂਅਲ ਅਨੁਸਾਰ ਖਾਣਾ ਖਾਧਾ, ਸੁਰੱਖਿਆ ਕਾਰਨਾਂ ਕਰ ਕੇ ਵੱਖਰੀ ਬੈਰਕ ਵਿੱਚ ਰੱਖਿਆ ਗਿਆ

ਨਸ਼ਿਆਂ ਦੇ ਮਾਮਲੇ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਹੈ। ਮਜੀਠੀਆ ਨੂੰ ਪਟਿਆਲਾ ਜੇਲ੍ਹ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੂੰ ਵੱਖਰੀ ਬੈਰਕ ਮੁਹੱਈਆ ਕਰਵਾਈ ਗਈ ਹੈ। ਮੈਡੀਕਲ ਬੋਰਡ ਦੀ ਟੀਮ ਨੇ ਅੱਜ ਨਿਯਮਾਂ ਅਨੁਸਾਰ ਬਿਕਰਮ ਮਜੀਠੀਆ ਦੀ ਸਿਹਤ ਦੀ ਜਾਂਚ ਕੀਤੀ, ਜਿਸ ਦੌਰਾਨ ਉਹ ਤੰਦਰੁਸਤ ਪਾਏ ਗਏ।

ਕੇਂਦਰੀ ਜੇਲ੍ਹ ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਬਿਕਰਮ ਮਜੀਠੀਆ ਦੀ ਸ਼ੁਰੂਆਤ ਜੇਲ੍ਹ ਨਿਯਮਾਂ ਅਨੁਸਾਰ ਹੀ ਹੋਈ। ਉਨ੍ਹਾਂ ਨੇ ਜੇਲ੍ਹ ਵਿੱਚ ਹੀ ਮਿਲਣ ਵਾਲਾ ਨਾਸ਼ਤਾ ਲਿਆ। ਹਾਲਾਂਕਿ ਉਹ ਆਪਣੀ ਮਰਜ਼ੀ ਮੁਤਾਬਕ ਜੇਲ ‘ਚ ਖਾਣਾ ਬਣਵਾ ਸਕਦੇ ਹਨ ਅਤੇ ਇਸ ਦੇ ਲਈ ਉਨ੍ਹਾਂ ਨੂੰ ਜੇਲ ਦੀ ਕੰਟੀਨ ‘ਚ ਮੌਜੂਦ ਸਾਮਾਨ ਖੁਦ ਲੈਣਾ ਹੋਵੇਗਾ ਪਰ ਬਿਕਰਮ ਮਜੀਠੀਆ ਨੇ ਅਜਿਹਾ ਨਹੀਂ ਕੀਤਾ।

ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਬਿਕਰਮ ਮਜੀਠੀਆ ਨੂੰ ਅਖ਼ਬਾਰ ਆਦਿ ਮੁਹੱਈਆ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਸੁਰੱਖਿਆ ਲਈ ਵੱਖਰੀ ਬੈਰਕ ਵਿੱਚ ਰੱਖਿਆ ਗਿਆ ਹੈ, ਜਿੱਥੇ ਹੋਰ ਕੋਈ ਕੈਦੀ ਨਹੀਂ ਹਨ। ਇਸ ਵੇਲੇ ਉਸ ਦੀ ਬੈਰਕ ਵਿੱਚ ਟੈਲੀਵਿਜ਼ਨ ਉਪਲਬਧ ਨਹੀਂ ਹੈ। ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਇਸ ਸਬੰਧੀ ਕੋਈ ਮੰਗ ਕਰਦਾ ਹੈ ਤਾਂ ਉਸ ਨੂੰ ਟੈਲੀਵਿਜ਼ਨ ਵੀ ਮੁਹੱਈਆ ਕਰਵਾਇਆ ਜਾਵੇਗਾ।

Share This :

Leave a Reply