ਮਾਮਲਾ ਬੋਰਡ ਦੀ ਅਗਲੀ ਮੀਟਿੰਗ ਤਕ ਟਾਲ ਦਿੱਤਾ ਗਿਆ ਹੈ
ਨਵੀਂ ਦਿੱਲੀ, ਮੀਡੀਆ ਬਿਊਰੋ:
ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੇ ਸਜ਼ਾ ਸਮੀਖਿਆ ਬੋਰਡ (ਐੱਸਆਰਬੀ) ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਟਾਲ ਦਿੱਤੀ ਹੈ। ਉਹ ਇਸ ਸਮੇਂ ਅੰਮ੍ਰਿਤਸਰ ਜੇਲ੍ਹ ’ਚ ਬੰਦ ਹੈ। ਦਿੱਲੀ ਸਰਕਾਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਮਾਮਲਾ ਬੋਰਡ ਦੀ ਅਗਲੀ ਮੀਟਿੰਗ ਤਕ ਟਾਲ ਦਿੱਤਾ ਗਿਆ ਹੈ। ਸਿੱਖ ਜਥੇਬੰਦੀਆਂ ਭੁੱਲਰ ਦੀ ਰਿਹਾਈ ਦੀ ਲਗਾਤਾਰ ਮੰਗ ਕਰ ਰਹੀਆਂ ਹਨ। ਬੋਰਡ ਦੇ ਸੱਤ ਮੈਂਬਰਾਂ ’ਚ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ, ਦਿੱਲੀ ਸਰਕਾਰ ਦੇ ਗ੍ਰਹਿ ਤੇ ਕਾਨੂੰਨ ਵਿਭਾਗਾਂ ਦੇ ਸਕੱਤਰ ਤੇ ਸਮਾਜਿਕ ਭਲਾਈ ਵਿਭਾਗ ਦੇ ਡਾਇਰੈਕਟਰ, ਇਕ ਜ਼ਿਲ੍ਹਾ ਜੱਜ ਤੇ ਦਿੱਲੀ ਪੁਲਿਸ ਦਾ ਇਕ ਸੀਨੀਅਰ ਅਧਿਕਾਰੀ ਸ਼ਾਮਲ ਹੈ।
ਭੁੱਲਰ ਨੂੰ 1993 ਵਿਚ ਦਿੱਲੀ ਬੰਬ ਧਮਾਕੇ ’ਚ ਨੌਂ ਲੋਕਾਂ ਦੀ ਹੱਤਿਆ ਤੇ 31 ਲੋਕਾਂ ਦੇ ਜ਼ਖ਼ਮੀ ਹੋਣ ਦਾ ਦੋਸ਼ੀ ਪਾਇਆ ਗਿਆ ਸੀ। ਇਸ ਹਮਲੇ ’ਚ ਸਾਬਕਾ ਯੂਥ ਕਾਂਗਰਸ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਬਚ ਗਏ ਸਨ। 25 ਅਗਸਤ 2001 ਨੂੰ ਵਿਸ਼ੇਸ਼ ਟਾਡਾ ਅਦਾਲਤ ਨੇ ਭੁੱਲਰ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਵਲੋਂ ਉਸ ਦੀ ਸਜ਼ਾ ਘਟਾ ਦਿੱਤੇ ਜਾਣ ਮਗਰੋਂ ਉਹ ਇਸ ਸਮੇਂ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਜੂਨ 2015 ’ਚ ਉਸ ਨੂੰ ਖ਼ਰਾਬ ਸਿਹਤ ਕਾਰਨ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਦੀ ਸੈਂਟਰਲ ਜੇਲ੍ਹ ’ਚ ਸ਼ਿਫਟ ਕਰ ਦਿੱਤਾ ਗਿਆ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭੁੱਲਰ ਦੀ ਛੇਤੀ ਰਿਹਾਈ ਦੀ ਮੰਗ ਕੀਤੀ ਸੀ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਦੋਸ਼ ਲਗਾਇਆ ਸੀ ਕਿ ਉਹ ਉਸ ਦੀ ਰਿਹਾਈ ’ਚ ਰੁਕਾਵਟ ਪੈਦਾ ਕਰ ਰਹੀ ਹੈ ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਇਹ ਗੰਭੀਰ ਮਾਮਲਾ ਹੈ ਤੇ ਅਕਾਲੀ ਦਲ ਇਸ ’ਤੇ ਗੰਦੀ ਸਿਆਸਤ ਕਰ ਰਿਹਾ ਹੈ।