ਫਿਰੋਜ਼ਪੁਰ (ਮੀਡੀਆ ਬਿਊਰੋ)- ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਦੇ ਵਿਧਾਇਕ ਪਰਮਿੰਦਰ ਪਿੰਕੀ ਦੀ ਸ਼ਹਿਰ ਪ੍ਰਾਪਤ ਕਾਂਗਰਸੀ ਗੁੰਡਿਆਂ ਜਿਹਨਾਂ ਨੇ ਕਿਸਾਨਾਂ ਦਾ ਭੇਸ ਧਾਰ ਕੇ ਜੋਗਿੰਦਰ ਜਿੰਦੂ ਤੇ ਵਰਦੇਵ ਮਾਨ ਸਮੇਤ ਅਕਾਲੀ ਆਗੂਆਂ ’ਤੇ ਹਮਲਾ ਕੀਤਾ ਤੇ ਗੋਲੀਆਂ ਚਲਾਈਆਂ, ਉਹਨਾਂ ਖਿਲਾਫ ਫੌਰੀ ਕੇਸ ਦਰਜ ਹੋਣਾ ਚਾਹੀਦਾ ਹੈ। ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅੱਜ ਸ਼ਹਿਰ ਦੇ ਆਪਣੇ ਦੌਰੇ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਜਿੰਦੂ ਤੇ ਸੀਨੀਅਰ ਆਗੂ ਵਰਦੇਵ ਸਿੰਘ ਨੋਨੀ ਮਾਨ ਦੀਆਂ ਗੱਡੀਆਂ ’ਤੇ ਹੋਏ ਹਮਲੇ ’ਤੇ ਪ੍ਰਤੀਕਰਮ ਪ੍ਰਗਟ ਕਰ ਰਹੇ ਸਨ। ਵੇਰਵੇ ਸਾਂਝੇ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਕੋਲ ਸਬੂਤ ਹੈ ਕਿ ਕਾਂਗਰਸੀ ਆਗੂਆਂ ਨੇ ਕਿਸਾਨਾਂ ਦਾ ਭੇਸ ਧਾਰ ਕੇ ਅਕਾਲੀ ਦਲ ਦੇ ਪ੍ਰੋਗਰਾਮ ਵਿਚ ਵਿਘਨ ਪਾਇਆ ਤੇ ਅਕਾਲੀ ਆਗੂਆਂ ’ਤੇ ਹਮਲਾ ਕੀਤਾ।
ਉਹਨਾਂ ਕਿਹਾ ਕਿ ਪਾਰਟੀ ਕੋਲ ਤਸਵੀਰਾਂ ਮੌਜੂਦਾ ਹਨ ਕਿ ਮਿਉਂਸਪਲ ਕੌਂਸਲ ਪ੍ਰਧਾਨ ਰਿੰਕੂ ਗਰੋਵਰ, ਕੌਂਸਲਰ ਪਰਮਿੰਦਰ ਹਾਂਡਾ ਤੇ ਮਾਰਕੀਟ ਕਮੇਟੀ ਦੇ ਮੀਤ ਪ੍ਰਧਾਨ ਬਲਬੀਰ ਸਿੰਘ ਵਿਰਕ ਭਾਰਤੀ ਕਿਸਾਨ ਯੂਨੀਅਨ ਦੀ ਆੜ ਵਿਚ ਅਕਾਲੀ ਦੇ ਖਿਲਾਫ ਰੋਸ ਵਿਖਾਵਾ ਕਰ ਰਹੇ ਸਨ। ਸ੍ਰੀਮਤੀ ਬਾਦਲ ਨੇ ਐਸ ਐਸ ਪੀ ਨੂੰ ਕਿਹਾ ਕਿ ਇਹਨਾਂ ਸਾਰੇ ਕਾਂਗਰਸੀ ਆਗੂਆਂ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਤੇ ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਜਿਸਨੇ ਇਸ ਰੋਸ ਵਿਖਾਵੇ ਨੂੰ ਸਪਾਂਸਰ ਕੀਤਾ।
ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਾਂਗਰਸੀ ਵਿਧਾਇਕ ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਹੋਇਆ ਹੋਵੇ। ਉਹਨਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਮਾਮਲੇ ਵਿਚ ਕਾਰਵਾਈ ਕਰਨ ਵਿਚ ਨਾਕਾਮ ਰਿਹਾ ਤਾਂ ਫਿਰ ਸੂਬੇ ਵਿਚ ਅਗਲੀ ਸਰਕਾਰ ਬਣਨ ’ਤੇ ਅਕਾਲੀ ਦਲ ਕਾਰਵਾਈ ਕਰੇਗਾ। ਸਾਬਕਾ ਕੇਂਦਰੀ ਮੰਤਰੀ ਨੇ ਸਪਸ਼ਟ ਕਿਹਾ ਕਿ ਭਾਵੇਂ ਕਾਂਗਰਸ ਪਾਰਟੀ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਇਹ ਇਸ ਤਰੀਕੇ ਅਕਾਲੀ ਵਰਕਰਾਂ ਨੁੰ ਡਰਾ ਨਹੀਂ ਸਕਦੀ। ਉਹਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਵੀ ਆਖਿਆ ਕਿ ਉਹ ਅਕਾਲੀ ਆਗੂਆਂ ਦੀ ਗੱਡੀ ’ਤੇ ਹਮਲਾ ਕਰਨ ਤੇ ਉਹਨਾਂ ’ਤੇ ਗੋਲੀਆਂ ਚਲਾਉਣ ਵਾਲੇ ਕਾਂਗਰਸੀ ਗੁੰਡਿਆਂ ਖਿਲਾਫ ਕਾਰਵਾਈ ਦੇ ਹੁਕਮ ਦੇਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਦੇ ਹਿੱਤ ਵਿਚ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਤੇ ਕਾਂਗਰਸੀ ਵਿਧਾਇਕਾਂ ਨੁੰ ਨਕੇਲ ਪਾਉਣੀ ਚਾਹੀਦੀ ਹੈ ਨਹੀਂ ਤਾਂ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਹੋਰ ਵਿਗੜ ਜਾਵੇਗੀ।






















