ਚੰਡੀਗੜ੍ਹ, ਮੀਡੀਆ ਬਿਊਰੋ:
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਲਾਗੂੁ ਕਰਨ ਲਈ ਅੱਜ ਸੂਬੇ ਦੇ ਸੀਪੀਜ਼ ਤੇ ਐਸਐਸਪੀਜ਼ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਫੈਸਲਾ ਲੈਂਦਿਆਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਕਰਨਗੇ।
ਮੁੱਖ ਮੰਤਰੀ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਪੁਲਿਸ ਅਫ਼ਸਰਾਂ ਨਾਲ ਇਹ ਪਹਿਲੀ ਮੀਟਿੰਗ ਹੈ। ਇਹ ਮੀਟਿੰਗ ਪੰਜਾਬ ਭਵਨ ਵਿਚ ਹੋਈ। ਸੀਪੀਜ਼ ਤੇ ਐਸਐਸਪੀਜ਼ ਤੋਂ ਇਲਾਵਾ ਮੀਟਿੰਗ ਵਿੱਚ ਹਿੱਸਾ ਲੈਣ ਲਈ ਮੁੱਖ ਸਕੱਤਰ ਅਨਿਰੁਧ ਤਿਵਾੜੀ, ਡੀਜੀਪੀ ਵੀਕੇ ਭਾਵਰਾ, ਏਡੀਜੀਪੀ ਇੰਟੈਲੀਜੈਂਸ ਸੁਧਾਂਸ਼ੂ ਸ੍ਰੀਵਾਸਤਵ, ਹਰਪ੍ਰੀਤ ਸਿੱਧੂ, ਕੌਸਤੁਭ ਸ਼ਰਮਾ ਅਤੇ ਜ਼ਿਲ੍ਹਿਆਂ ਦੇ ਐਸਐਸਪੀ ਪੁੱਜੇ ਹੋਏ ਹਨ। ਧਿਆਨ ਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕਾਂਗਰਸ ਦੇ ਆਗੂ ਨਿਸ਼ਾਨੇ ‘ਤੇ ਹਨ ਅਤੇ ਉਨ੍ਹਾਂ ਦੇ ਕਈ ਵਰਕਰਾਂ ਨੂੰ ਜਾਂ ਤਾਂ ਮਾਰ ਦਿੱਤਾ ਗਿਆ ਹੈ ਜਾਂ ਕੁੱਟਮਾਰ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਵਿਚ ਕਈ ਥਾਈਂ ਗੋਲੀਆਂ ਚੱਲੀਆਂ। ਜਿਸ ਨਾਲ ਪੰਜਾਬ ਵਿਚ ਕਾਨੂੰਨ ਵਿਵਸਥਾ ’ਤੇ ਉਂਗਲ ਉਠ ਰਹੀ ਹੈ। ਜਿਥੇ ਵਿਰੋਧੀ ਇਸ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸਾਧ ਰਹੇ ਹਨ ਉਥੇ ਆਮ ਜਨਤਾ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਸ ਤੋਂ ਪਹਿਲਾਂ ਬੀਤੇ ਦਿਨੀਂ ਉਨ੍ਹਾਂ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਉਨ੍ਹਾਂ ਕਣਕ ਦੀ ਆਮਦ ਅਤੇ ਖਰੀਦ ਸਬੰਧੀ ਹਦਾਇਤਾਂ ਦਿੱਤੀਆਂ ਸਨ, ਪਰ ਜਿਸ ਤਰ੍ਹਾਂ ਵਿਰੋਧੀ ਧਿਰਾਂ ਨੇ ਉਨ੍ਹਾਂ ‘ਤੇ ਲਗਾਤਾਰ ਮਾਰ-ਧਾੜ, ਟਰੱਕ ਯੂਨੀਅਨਾਂ ‘ਤੇ ਕਬਜ਼ੇ ਨੂੰ ਲੈ ਕੇ ਚੱਲ ਰਹੇ ਲੜਾਈ-ਝਗੜੇ ਆਦਿ ਨੂੰ ਲੈ ਕੇ ਹਮਲਾ ਕੀਤਾ ਹੈ। ਜੋ ਟੀਚਾ ਮਿੱਥਿਆ ਗਿਆ ਹੈ, ਉਸ ਨੂੰ ਲੈ ਕੇ ਸਰਕਾਰ ਮੁਸੀਬਤ ‘ਚ ਫਸੀ ਹੋਈ ਮਹਿਸੂਸ ਕਰ ਰਹੀ ਹੈ।