ਯੂਕਰੇਨ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ CM ਚੰਨੀ ਤੇ ਹਰਸਿਮਰਤ ਬਾਦਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ, ਮੀਡੀਆ ਬਿਊਰੋ:

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਜੰਗ ਤੋਂ ਪ੍ਰਭਾਵਿਤ ਮੁਲਕ ਯੂਕਰੇਨ (Ukraine) ’ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਤੁਰੰਤ ਲੋਡ਼ੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ ਹੈ। ਡਾ. ਜੈਸ਼ੰਕਰ ਨੂੰ ਲਿਖੇ ਪੱਤਰ ’ਚ ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ’ਚ ਬਹੁਤ ਸਾਰੇ ਵਿਦਿਆਰਥੀ ਤੇ ਹੋਰ ਪੰਜਾਬੀ ਫਸੇ ਹੋਏ ਹਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਵੀ ਪੰਜਾਬ ਦੇ ਫਸੇ ਵਿਦਿਆਰਥੀਆਂ ਦੀ ਸੂਚੀ ਵੀ ਵਿਦੇਸ਼ ਮੰਤਰੀ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੀ ਭਾਰਤ ਵਾਪਸੀ ਲਈ ਵੀ ਪ੍ਰਬੰਧ ਕੀਤੇ ਜਾਣ।

ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਮਾਤਾ-ਪਿਤਾ ਤੇ ਪਰਿਵਾਰਕ ਮੈਂਬਰ ਉੱਥੇ ਪੈਦਾ ਹੋਈ ਸਥਿਤੀ ਕਰਕੇ ਆਪਣਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਇਸ ਤੋਂ ਇਲਾਵਾ ਯੂਕਰੇਨ ‘ਚ ਫਸੇ ਵਿਅਕਤੀਆਂ ਨੂੰ ਢੁਕਵੀਂ ਪਨਾਹ, ਪੈਸੇ ਦੀ ਕਮੀ ਆਦਿ ਵਰਗੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲੇ ਨੂੰ ਅਜਿਹੇ ਵਿਅਕਤੀਆਂ ਦੀ ਭਾਰਤ ‘ਚ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਸਾਰੇ ਕੂਟਨੀਤਕ ਢੰਗ-ਤਰੀਕੇ ਤਲਾਸ਼ਣ ਸਬੰਧੀ ਯਤਨਾਂ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਆਪਣੇ ਫੇਸਬੁੱਕ ਪੇਜ ‘ਤੇ ਮਦਦ ਲਈ ਹੈਲਪਲਾਈਨ ਨੰਬਰ 98778-47778 ਜਾਰੀ ਕੀਤਾ ਹੈ।

Share This :

Leave a Reply