ਫਰੀਦਕੋਟ, ਮੀਡੀਆ ਬਿਊਰੋ:
ਜ਼ਿਲ੍ਹੇ ਵਿਚ ਹੀ ਨਹੀਂ ਸਗੋਂ ਮਾਲਵੇ ਵਿਚ ਵੀ ਆਮ ਆਦਮੀ ਪਾਰਟੀ (ਆਪ) ਵੱਡੀ ਜਿੱਤ ਹਾਸਲ ਕਰ ਕੇ ਸੂਬੇ ਦੀ ਸੱਤਾ ’ਤੇ ਕਾਬਜ਼ ਹੋਈ ਹੈ। ਸੂਬੇ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਲੋਕਾਂ ਨੂੰ ਉਮੀਦ ਹੈ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਵਿਚ ਨਹੀਂ ਹੋ ਸਕੇ, ਉਹ ਕੰਮ ਇਹ ਸਰਕਾਰ ਅੰਜਾਮ ਦੇਵੇਗੀ। ਫਰੀਦਕੋਟ ਤੋਂ ਚੁਣੇ ਗਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜਾਗਰਣ ਗਰੁੱਪ ਨਾਲ ਸਿੱਖਿਆ, ਸਿਹਤ, ਰੁਜ਼ਗਾਰ, ਨਸ਼ਿਆਂ, ਕਾਨੂੰਨ ਵਿਵਸਥਾ ਸਬੰਧੀ ਗੱਲਬਾਤ ਕੀਤੀ ਹੈ। ਉਸ ਗੱਲਬਾਤ ਦੇ ਵਿਸ਼ੇਸ਼ ਅੰਸ਼ ਇਵੇਂ ਹਨ।
ਸਵਾਲ : ਨਸ਼ਾ ਵੱਡੀ ਸਮੱਸਿਆ ਹੈ, ਲੋਕ ਇਸ ਤੋਂ ਕਿਵੇਂ ਛੁਟਕਾਰਾ ਪਾਉਣਗੇ?
ਜਵਾਬ : ਨਸ਼ਾ ਨਿਸ਼ਚਿਤ ਤੌਰ ’ਤੇ ਗੰਭੀਰ ਸਮੱਸਿਆ ਹੈ, ਜਿਨ੍ਹਾਂ ਨੌਜਵਾਨਾਂ ਨੇ ਦੇਸ਼ ਅਤੇ ਸਮਾਜ ਦੇ ਵਿਕਾਸ ਤੇ ਭਲਾਈ ਲਈ ਯੋਗਦਾਨ ਪਾਉਣਾ ਸੀ, ਉਹ ਨਸ਼ਿਆਂ ਦੀ ਦਲਦਲ ਵਿਚ ਡੁੱਬ ਰਹੇ ਹਨ। ਅਜਿਹੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਕਰਵਾ ਕੇ ਇਲਾਜ ਕਰਵਾਇਆ ਜਾਵੇਗਾ। ਲੋਕ ਵੀ ਨਸ਼ਿਆਂ ਖਿਲਾਫ ਇਕਜੁੱਟ ਹੋ ਰਹੇ ਹਨ। ਸਾਡੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਤੇ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਤੋਂ ਬਾਅਦ ਹੀ ਸਾਹ ਲਵੇਗੀ।
ਸਵਾਲ : ਸਿੱਖਿਆ ਤੁਹਾਡੀ ਸਰਕਾਰ ਦੀ ਤਰਜੀਹ ਹੈ, ਤੁਸੀਂ ਇਸ ਨੂੰ ਕਿਵੇਂ ਵੇਖ ਰਹੇ ਹੋ?
ਜਵਾਬ : ਦਿੱਲੀ ਵਾਂਗ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਿਆ ਜਾ ਰਿਹਾ ਹੈ। ਇੱਥੋਂ ਦੇ ਸਕੂਲਾਂ ਵਿਚ ਹਾਲੇ ਵੀ ਅਧਿਆਪਕਾਂ ਦੀ ਘਾਟ ਹੈ, ਨੂੰ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਕੂਲਾਂ ਵਿਚ ਸਿੱਖਣ ਦਾ ਮਾਹੌਲ ਸਿਰਜਿਆ ਜਾਵੇਗਾ। ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਪਵੇਗੀ ਤਾਂ ਜੋ ਅਸੀਂ ਮਿਲ ਕੇ ਸੂਬੇ ਦਾ ਸਿੱਖਿਆ ਪੱਧਰ ਉੱਚਾ ਚੁੱਕ ਸਕੀਏ। ਨੌਜਵਾਨਾਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਦਿੱਤੀ ਜਾਵੇਗੀ।
ਸਵਾਲ : ਕੰਮ ਕਰਨ ਵਿੱਚ ਸਭ ਤੋਂ ਵੱਡੀ ਮੁਸ਼ਕਲ ਕੀ ਹੈ?
ਜਵਾਬ : ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੇ ਬਦਲਾਅ ਲਈ ਚੁਣਿਆ ਹੈ ਪਰ ਕੁਝ ਅਧਿਕਾਰੀ ਇਸ ਬਦਲਾਅ ਲਈ ਆਪਣੇ ਆਪ ਨੂੰ ਬਦਲਣ ਲਈ ਤਿਆਰ ਨਹੀਂ। ਹੁਣ ਵੀ ਕਈ ਥਾਵਾਂ ’ਤੇ ਭ੍ਰਿਸ਼ਟਾਚਾਰ ਨਜ਼ਰ ਆ ਰਿਹਾ ਹੈ, ਜਿਸ ਨੂੰ ਖ਼ਤਮ ਕਰਨ ਦੀ ਲੋਡ਼ ਹੈ। ਅਸੀਂ ਭ੍ਰਿਸ਼ਟਾਚਾਰੀਆਂ ਨੂੰ ਸੁਧਰਨ ਦਾ ਮੌਕਾ ਦੇ ਰਹੇ ਹਾਂ, ਜੇਕਰ ਉਹ ਨਹੀਂ ਸੁਧਰਦੇ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਹੋਣੀ ਅੱਟਲ ਹੈ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਨੂੰ ਲੈ ਕੇ ਲੋਕਾਂ ਨੂੰ ਖ਼ੁਦ ਨੂੰ ਬਦਲਣਾ ਪਵੇਗਾ। ਗ਼ਲਤ ਕੰਮਾਂ ਲਈ ਲੋਕਾਂ ਨੂੰ ਰਿਸ਼ਵਤ ਨਾ ਦਿਓ। ਇਸ ਵਿਚ ਕੁਝ ਮੁਸ਼ਕਲ ਜ਼ਰੂਰ ਆਵੇਗੀ ਪਰ ਅਸੀਂ ਆਉਣ ਵਾਲੀਆਂ ਪੀਡ਼੍ਹੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸਿਸਟਮ ਦੇਣਾ ਹੈ।