ਆਜ਼ਾਦੀ ਦਿਵਸ ਸਮਾਗਮ ‘ਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ DC ਨੇ ਲਹਿਰਾਇਆ ਰਾਸ਼ਟਰੀ ਝੰਡਾ

ਚੰਡੀਗੜ੍ਹ (ਮੀਡੀਆ ਬਿਊਰੋ) 75 ਵੇਂ ਆਜ਼ਾਦੀ ਦਿਵਸ ਸਮਾਗਮ ਤੇ ਐਤਵਾਰ ਨੂੰ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਤੋਂ ਸਲਾਮੀ ਲਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਸੰਬੋਧਿਤ ਕੀਤਾ। ਉਨ੍ਹਾਂ ਦੇ ਨਾਲ ਐਸਐਸਪੀ ਫਿਰੋਜ਼ਪੁਰ ਸ੍ਰੀ. ਭਾਗਰੀਥ ਮੀਨਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ, ਐਸਐਸਪੀ ਫਿਰੋਜ਼ਪੁਰ ਸ੍ਰੀ. ਭਾਗਰੀਥ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਅਤੇ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਚਰਨ ਸਿੰਘ ਨਾਹਰ ਨੇ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ 75 ਵੇਂ ਆਜ਼ਾਦੀ ਦਿਵਸ ਦੀ ਸਮੂਹ ਹਾਜ਼ਰੀਨ ਨੂੰ ਵਧਾਈ ਦਿੰਦਿਆ ਕਿਹਾ ਕਿ ਜਿਸ ਹੌਂਸਲੇ ਅਤੇ ਹਿੰਮਤ ਨਾਲ ਅਸੀਂ ਆਜ਼ਾਦੀ ਦੀ ਜੰਗ ਜਿੱਤੀ ਸੀ, ਉਸੇ ਤਰਾਂ ਕਰੋਨਾ ਤੇ ਵੀ ਜਲਦ ਹੀ ਜਿੱਤ ਪਾਵਾਂਗੇ। ਉਨ੍ਹਾਂ ਕਿਹਾ ਕਿ ਅੱਜ ਦੇ ਆਜ਼ਾਦੀ ਦਿਵਸ ਸਮਾਗਮ ਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਣਗਿਣਤ ਆਜ਼ਾਦੀ ਘੁਲਾਟੀਆਂ ਨੂੰ ਸਿਜਦਾ ਕਰਦੇ ਹਾਂ ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅਸੀਂ ਅੱਜ ਆਜ਼ਾਦੀ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹੀਦ ਹੋਏ ਕੁੱਲ ਆਜ਼ਾਦੀ ਘੁਲਾਟੀਆਂ ਵਿਚ 80 ਫੀਸਦੀ ਦੇ ਕਰੀਬ ਯੋਗਦਾਨ ਪੰਜਾਬੀਆਂ ਦਾ ਰਿਹਾ।

ਅਜਾਦੀ ਤੋਂ ਬਾਅਦ ਵੀ ਚਾਹੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਹੋਵੇ ਜਾਂ ਮੁਲਕ ਦੀ ਤਰੱਕੀ ਦੀ ਗੱਲ ਅਤੇ ਚਾਹੇ ਰਾਸ਼ਟਰ ਨੂੰ ਅੰਨ ਦੇ ਮਾਮਲੇ ਵਿਚ ਆਤਮ ਨਿਰਭਰ ਕਰਨਾ ਹੋਵੇ ਪੰਜਾਬੀਆਂ ਨੇ ਹਮੇਸਾ ਮੋਹਰੀ ਭੂਮਿਕਾ ਹੀ ਨਿਭਾਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਦੇ ਵਿਕਾਸ ਲਈ ਸਿੱਖਿਆ ਅਤੇ ਸਿਹਤ ਖੇਤਰ ਅਹਿਮ ਹੁੰਦੇ ਹਨ। ਫਿਰੋਜ਼ਪੁਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਦੀ ਰੁਪਏ ਦੀ ਲਾਗਤ ਨਾਲ ਆਰ.ਓ.ਸਿਸਟਮ ਲਗਾਏ ਗਏ ਹਨ। ਇਸ ਤੋਂ ਇਲਾਵਾ ਬਾਰਡਰ ਏਰੀਏ ਦੇ ਸਰਕਾਰੀ ਸਕੂਲਾਂ ਦੇ ਵਿੱਚ ਨਵੇਂ ਅਧਿਆਪਕ ਤੈਨਾਤ ਕੀਤੇ ਗਏ ਹਨ ਤਾਂ ਜੋ ਪੜ੍ਹਾਈ ਸਬੰਧੀ ਬੱਚਿਆਂ ਨੂੰ ਕੋਈ ਸਮੱਸਿਆ ਨਾ ਆਵੇ। ਜੇ ਸਿਹਤ ਖੇਤਰ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਵਿਚ ਕੋਵਿਡ ਦੀ ਤੀਜੀ ਲਹਿਰ ਦੇ ਟਾਕਰੇ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲੱਖਾਂ ਰੁਪਏ ਦੀ ਲਾਗਤ ਨਾਲ ਆਕਸੀਜਨ ਪਲਾਂਟ ਲਗਾਇਆ ਗਿਆ ਹੈ। ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਐਥਲੈਟਿਕ ਟਰੈੱਕ ਤੇ ਹਾਕੀ ਐਸਟੋਟਰਫ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ਨੂੰ ਡਿਵੈਲਪ ਕਰਨ, ਸੈਰ ਸਪਾਟੇ ਦੀ ਥਾਂ ਵਜੋਂ ਅੱਗੇ ਲਿਆਉਣ ਲਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਲਾਈਟ ਐਂਡ ਸਾਊਂਡ ਸ਼ੋਅ ਲਗਾਇਆ ਜਾ ਰਿਹਾ ਹੈ ਜਿਸਦੇ ਜ਼ਰੀਏ ਸ਼ਹੀਦਾਂ ਦੀ ਜੀਵਨੀ ਸਬੰਧੀ ਜਾਣਕਾਰੀ ਟੂਰਿਸਟਾਂ ਨੂੰ ਮਿਲੇਗੀ। ਸਮਾਗਮ ਦੇ ਅੰਤ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਸਮਾਗਮ ਵਿੱਚ ਹਿੱਸਾ ਲੈਣ ਵਾਲੀਆਂ ਟੁਕੜੀਆਂ ਸਮੇਤ ਵਿਭਾਗਾਂ ਵਿੱਚ ਚੰਗੀ ਕਾਰਗੁਜ਼ਾਰੀ ਨਿਭਾਉਣ ਵਾਲੇ ਮੁਲਾਜ਼ਮਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਆਈ.ਜੀ. ਜਤਿੰਦਰ ਸਿੰਘ ਔਲਖ, ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਕਿਸ਼ੋਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ.) ਸੁਖਪ੍ਰੀਤ ਸਿੰਘ, ਐੱਸ.ਡੀ.ਐੱਮ. ਅਮਰਿੰਦਰ ਸਿੰਘ ਮੱਲ੍ਹੀ, ਚੀਫ ਜੁਡੀਸੀਅਲ ਮੈਜਿਸਟ੍ਰੇਟ ਮਿਸ ਏਕਤਾ ਉੱਪਲ, ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਕੁਲਵਿੰਦਰ ਕੌਰ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ, ਪ੍ਰਿੰਸੀਪਲ ਗੱਟੀ ਰਾਜੋ ਕੇ ਡਾ. ਸਤਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Share This :

Leave a Reply