ਕਰਜ਼ੇ ਦੇ ਬੋਝ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਢਾਈ ਸਾਲ ਪਹਿਲਾਂ ਵਿਆਹੇ 28 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਬਰਨਾਲਾ/ਮਹਿਲਕਲਾਂ (ਵਿਵੇਕ ਸਿੰਧਵਾਨੀ)-ਪਿੰਡ ਠੁੱਲੀਵਾਲ ਵਿਖੇ ਇਕ ਕਿਸਾਨ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏ. ਐੱਸ. ਆਈ. ਮਨਜਿੰਦਰ ਸਿੰਘ ਅਤੇ ਏ. ਐੱਸ. ਆਈ. ਗੁਰਤੇਜ ਸਿੰਘ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਤਲਵਿੰਦਰ ਸਿੰਘ 28 ਸਾਲਾ ਪੁੱਤਰ ਸੁਖਦੇਵ ਸਿੰਘ ਉਰਫ਼ ਭੋਲਾ ਵਾਸੀ ਠੁੱਲੀਵਾਲ ਨੇ ਮਾਨਸਿਕ ਪ੍ਰੇਸ਼ਾਨੀ ਦੇ ਕਾਰਨ ਆਪਣੇ ਸਿਰ ਚੜ੍ਹੇ ਕਰਜ਼ੇ ਕਾਰਨ ਬੀਤੇ ਦਿਨੀਂ ਸਵੇਰੇ 10 ਵਜੇ ਦੇ ਕਰੀਬ ਆਪਣੇ ਘਰ ‘ਚ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕਸ਼ੀ ਕਰ ਲਈ ਹੈ।

ਮੌਕੇ ‘ਤੇ ਪਰਿਵਾਰਕ ਮੈਂਬਰਾਂ ਨੇ ਪਤਾ ਲੱਗਦਿਆਂ ਹੀ ਇਲਾਜ ਲਈ ਕਿਸਾਨ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਅਤੇ ਡਾਕਟਰਾਂ ਨੇ ਉਨ੍ਹਾਂ ਦੀ ਜ਼ਿਆਦਾ ਹਾਲਤ ਖਰਾਬ ਹੁੰਦੀ ਵੇਖਦਿਆਂ ਲੁਧਿਆਣਾ ਵਿਖੇ ਰੈਫਰ ਕੀਤਾ ਗਿਆ, ਉਥੇ ਡਾਕਟਰਾਂ ਦੀ ਟੀਮ ਵੱਲੋਂ ਕਿਸਾਨ ਤਲਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਕਰੀਬ ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਉਨ੍ਹਾਂ ਕਿਹਾ ਕਿ ਮਿ੍ਤਕ ਕਿਸਾਨ 2 ਏਕੜ ਜ਼ਮੀਨ ਦੀ ਖੇਤੀ ਕਰਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਰਿਹਾ ਸੀ ਅਤੇ ਕਰਜ਼ੇ ਦੇ ਬੋਝ ਕਾਰਨ ਮਾਨਸਿਕ ਪ੍ਰੇਸ਼ਾਨੀ ਕਰਕੇ ਉਸ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਕਿਸਾਨ ਦਾ ਢਾਈ ਸਾਲ ਪਹਿਲਾਂ ਵਿਆਹ ਹੋਇਆ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਪਿੱਛੇ ਆਪਣੀ ਪਤਨੀ, ਡੇਢ ਸਾਲਾ ਬੱਚਾ ਤੇ ਮਾਤਾ-ਪਿਤਾ ਨੂੰ ਰੋਂਦਿਆਂ ਕੁਰਲਾਂਦਿਆਂ ਛੱਡ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਤਲਵਿੰਦਰ ਸਿੰਘ ਦੇ ਪਿਤਾ ਸੁਖਦੇਵ ਸਿੰਘ ਉਰਫ਼ ਭੋਲਾ ਠੁੱਲੀਵਾਲ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਠੁੱਲੀਵਾਲ ਦੀ ਪੁਲਸ ਵੱਲੋਂ 174 ਦੀ ਕਾਰਵਾਈ ਅਮਲ ‘ਚ ਲਿਆ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ।

Share This :

Leave a Reply