ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਵਿਚ ਕਾਨੂੰਨ ਦੀ ਮਾੜੀ ਵਿਵਸਥਾ ਕਾਰਨ ਹਰ ਪਾਸੇ ਦਹਿਸ਼ਤ ਦਾ ਮਾਹੌਲ ਹੈ, ਪ੍ਰਤੰ ਸਰਕਾਰ ਇਹ ਸਭ ਤਮਾਸ਼ਾ ਅੱਖਾਂ ਬੰਦ ਕਰਕੇ ਦੇਖ ਰਹੀ ਹੈ। ਅਜਿਹੇ ਹਾਲਾਤਾਂ ਨੂੰ ਦੇਖਦਿਆਂ ਵੱਖ-ਵੱਖ ਇਨਸਾਫ਼ ਪਸੰਦ ਜੱਥੇਬੰਦੀਆਂ ਵੱਲੋਂ ਪੁਲਿਸ ਦੀਆਂ ਵਧੀਕੀਆਂ ਖਿਲਾਫ਼ 14 ਜੁਲਾਈ ਨੂੰ ਰੋਸ ਮੁਜ਼ਾਹਰੇ ਦੌਰਾਨ ਪੁਲਿਸ ਤੋਂ ਪੀੜ੍ਹਤ ਲੋਕਾਂ ਨੂੰ ਪੇਸ਼ ਕੀਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂ ਸੰਦੀਪ ਸਿੰਘ ਰੁਪਾਲੋਂ ਅਤੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ਼ ਸਰਬਜੀਤ ਸਿੰਘ ਕੰਗ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ.ਐਸ.ਪੀ ਵੱਲੋਂ ਲੋਕਾਂ ਨੂੰ ਇਨਸਾਫ਼ ਦੇਣ ਦੇ ਯਤਨ ਕੀਤੇ ਜਾ ਰਹੇ ਹਨ, ਪ੍ਰਤੂੰ ਫ਼ਿਰ ਵੀ ਕੁੱਝ ਪੁਲਿਸ ਅਫ਼ਸਰਾਂ ਵੱਲੋਂ ਲੋਕਾਂ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ।
ਇਹ ਅਧਿਕਾਰੀ ਸਿਆਸੀ ਬਦਲਖੋਰੀ ਤਹਿਤ ਸੱਤਾਧਾਰੀ ਲੋਕਾਂ ਦੇ ਇਸ਼ਾਰੇ ’ਤੇ ਕੰਮ ਕਰਦੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਇਨਸਾਫ਼ ਨਹੀਂ ਮਿਲਦਾ। ਉਨ੍ਹਾਂ ਦੱਸਿਆ ਕਿ ਇਹ ਰੋਸ ਮੁਜ਼ਾਹਰਾ ਲਲਹੇੜੀ ਚੌਂਕ ਤੋਂ ਅਰੰਭ ਹੋ ਕੇ ਐਸ. ਐਸ. ਪੀ ਦਫਤਰ ਤੱਕ ਮਾਰਚ ਕਰੇਗਾ, ਜਿੱਥੇ ਐਸ. ਐਸ. ਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਢਿੱਲੋਂ, ਅਮਰਜੀਤ ਸਿੰਘ, ਸੰਤੋਖ ਸਿੰਘ, ਰਾਜ ਕੁਮਾਰ, ਬੰਤ ਸਿੰਘ, ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਰਵੀ ਬਘੌਰ ਆਦਿ ਹਾਜ਼ਰ ਸਨ।