ਕਿਸਾਨਾਂ ਵੱਲੋਂ ਮਹਿੰਗਾਈ ਖਿਲਾਫ਼ ਨੈਸ਼ਨਲ ਹਾਈਵੇ ਜਾਮ ਕਰਨ ਦਾ ਫੈਸਲਾ

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਕਿਸਾਨਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 8 ਜੁਲਾਈ ਨੂੰ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਵੱਧਦੀਆਂ ਕੀਮਤਾਂ ਖਿਲਾਫ਼ ਨੈਸ਼ਨਲ ਹਾਈਵੇ ਤੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਆਪੋਂ ਆਪਣੇ ਵਾਹਨ ਲਿਆ ਕੇ ਸੜਕਾਂ ਤੇ ਖੜ੍ਹੇ ਕਰਨ ਅਤੇ ਬੀਬੀਆਂ ਭੈਣਾਂ ਗੈਸ ਸਿਲੰਡਰ ਰੱਖ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਨ, ਕਿਉਂਕਿ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਦਾ ਅਸਰ ਹਰ ਘਰ ਤੱਕ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਹਿਲਾ ਹੀ ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਇਨ੍ਹਾਂ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਹੋਰ ਮਹਿੰਗਾਈ ਦੀ ਮਾਰ ਨਾਲ ਮਾਨਸਿਕ ਤੌਰ ਤੇ ਪ੍ਰੇਸ਼ਾਨ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਮਹਿੰਗਾਈ ਨੂੰ ਰੋਕਣ ਲਈ ਸਾਨੂੰ ਖੁਦ ਸੰਘਰਸ਼ ਕਰਦੇ ਹੋਏ ਸੜਕਾਂ ’ਤੇ ਉਤਰਨਾ ਪਵੇਗਾ ਤਾਂ ਜੋ ਜ਼ਾਲਮ ਸਰਕਾਰਾਂ ਦੀ ਅੱਖ ਖੋਲ੍ਹੀ ਜਾ ਸਕੇ। ਇਸ ਮੌਕੇ ਕਸ਼ਮੀਰਾ ਸਿੰਘ, ਜਗਜੀਤ ਸਿੰਘ, ਹਵਾ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਰਵੀ ਸਿੰਘ, ਗੁਰਦਿਆਲ ਸਿੰਘ, ਦਲਜੀਤ ਸਿੰਘ, ਕੈਪਟਨ ਨੰਦ ਲਾਲ, ਨੇਤਰ ਸਿੰਘ, ਨਿਰਮਲ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਹਰਮੇਸ਼ ਸਿੰਘ, ਐਨ.ਪੀ ਸਿੰਘ, ਦੀਦਾਰ ਸਿੰਘ ਆਦਿ ਹਾਜ਼ਰ ਸਨ।

Share This :

Leave a Reply