ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਵੱਖ-ਵੱਖ ਕਿਸਾਨ, ਮਜ਼ਦੂਰ ਜੱਥੇਬੰਦੀਆਂ ਅਤੇ ਸਮੁੱਚੇ ਵਰਗ ਦੇ ਲੋਕਾਂ ਵੱਲੋਂ ਕੀਤੇ ਜਾ ਰਹੇ ਰੋੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ 05 ਜੂੁਨ ਨੂੰ ਸਵੇਰੇ 10 ਵਜੇ ਗੁਰਦੁਆਰਾ ਮੰਜੀ ਸਾਹਿਬ ਤੋਂ ਮੋਟਰਸਾਈਕਲਾਂ ਤੇ ਸਵਾਰ ਹੋ ਕੇ ਐਸ. ਡੀ. ਐਮ ਦਫ਼ਤਰ ਅੱਗੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਦੀ ਆੜ ਹੇਠਾਂ ਕਾਲੇ ਕਾਨੂੰਨਾਂ ਨੂੰ ਆਰਡੀਨੈਂਸ ਦੇ ਰੂਪ ਵਿਚ ਜਾਰੀ ਕਰਕੇ ਦੇਸ਼ ਦੇ ਸਮੁੱਚੇ ਕਿਸਾਨ, ਮਜ਼ਦੂਰ ਤੇ ਹੋਰ ਭਾਈਚਾਰਿਆਂ ਨੂੰ ਤਬਾਹ ਕਰਨ ਦੀ ਨੀਅਤ ਜੱਗ ਜ਼ਾਹਰ ਕੀਤੀ ਹੈ।
ਜਿਨ੍ਹਾਂ ਨੂੰ ਰੱਦ ਕਰਵਾਉਣ ਲਈ ਹਰ ਵਰਗ ਦਿੱਲੀ ਦੇ ਬਾਰਡਰਾਂ ਤੇ ਪਿਛਲੇ ਛੇ ਮਹੀਨਿਆਂ ਤੋਂ ਹਰ ਮੌਸਮ ਦਾ ਟਾਕਰਾ ਕਰ ਰਿਹਾ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸੰਯੁਕਤ ਕਿਸਾਨ ਮੋਰਚੇ ਦਾ ਸੰਘਰਸ਼ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਕਸ਼ਮੀਰਾ ਸਿੰਘ ਮਾਜਰਾ, ਹਰਮਿੰਦਰ ਸਿੰਘ ਸੇਖੋਂ, ਜਗਜੀਤ ਸਿੰਘ ਖੰਨਾ, ਗੁਰਮੇਲ ਸਿੰਘ, ਜਸਵੀਰ ਸਿੰਘ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਦੀਦਾਰ ਸਿੰਘ, ਅੰਮ੍ਰਿਤਪਾਲ ਸਿੰਘ, ਤੇਜਿੰਦਰਪਾਲ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।






















