ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 279ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇ ਜਗਜੀਤ ਸਿੰਘ ਨੇ ਕਿਹਾ ਕਿ ਇਕ ਪਾਸੇ ਦੇਸ਼ ਦੇ ਕਿਸਾਨ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਤੇ ਬੈਠੇ ਹਨ, ਦੂਜੇ ਪਾਸੇ ਸਰਕਾਰ ਪੈਟਰੋਲ-ਡੀਜ਼ਲ, ਰਸੋਈ ਗੈਸ, ਸਰੋਂ ਦੇ ਤੇਲ ਅਤੇ ਬਿਜਲੀ ਦੇ ਕੱਟ ਲਗਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਅੱਗੇ ਝੁਕਣ ਵਾਲੇ ਨਹੀਂ ਅਤੇ ਆਪਣੇ ਹੱਕ ਲੈ ਕੇ ਹੀ ਘਰ ਵਾਪਸ ਆਉਣਗੇ।
ਕਿਸਾਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਸਰਕਾਰੀ ਅਦਾਰਿਆਂ ਦਾ ਭੋਗ ਪਾ ਕੇ ਇਨ੍ਹਾਂ ਖੇਤਰਾਂ ਨੂੰ ਕਾਰਪੋਰੇਟ ਘਰਾਣਿਆਂ ਹੱਥ ਸੌਂਪ ਕੇ ਖੁੱਲ੍ਹੀ ਖੇਡ ਦੀ ਆਗਿਆ ਦਿੱਤੀ ਹੈ, ਉਸ ਦਾ ਖਮਿਆਜ਼ਾ ਜਲਦ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਕਾਰਨ ਹਰ ਨਾਗਰਿਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਸੰਘਰਸ਼ ਕਰਨ ਲਈ ਮਜ਼ਬੂਰ ਹੋ ਗਿਆ ਹੈ। ਇਸ ਮੌਕੇ ਕਸ਼ਮੀਰਾ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਗੁਰਦਿਆਲ ਸਿੰਘ, ਲਖਵਿੰਦਰ ਸਿੰਘ, ਨਿਰਮਲ ਸਿੰਘ, ਅੰਮ੍ਰਿਤਪਾਲ ਸਿੰਘ, ਹਵਾ ਸਿੰਘ, ਦੀਦਾਰ ਸਿੰਘ ਆਦਿ ਹਾਜ਼ਰ ਸਨ।