ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ਤੇ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 26 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਜਿੱਥੇ ਦੇਸ਼ ਭਰ ’ਚ ਕਿਸਾਨਾਂ ਵੱਲੋਂ ਰਾਜ ਭਵਨਾਂ ਅੱਗੇ ਧਰਨੇ ਦਿੱਤੇ ਜਾਣਗੇ, ਉਥੇ ਖੰਨਾ ਵਿਖੇ ਏ.ਡੀ.ਸੀ ਸਕੱਤਰ ਸਿੰਘ ਬੱਲ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਜਾਵੇਗਾ। ਉਪਰੋਕਤ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਹ ਕਿਸੇ ਪਾਰਟੀ ਦੇ ਸਿਆਸੀ ਆਗੂਆਂ ਨੂੰ ਪਿੰਡਾਂ ਵਿਚ ਵੜਣ ਨਹੀਂ ਦੇਣਗੇ।
ਉਨ੍ਹਾਂ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਕਿਹਾ ਕਿ ਸਾਨੂੰ ਥੋੜਾ ਜਿਹਾ ਹੋਰ ਹੰਭਲਾ ਮਾਰਨ ਦੀ ਲੋੜ ਹੈ ਅਤੇ ਸਾਡੀ ਜਿੱਤ ਯਕੀਨੀ ਹੈ, ਜਿਸ ਨੂੰ ਪ੍ਰਾਪਤ ਕਰਕੇ ਹੀ ਅਸੀਂ ਘਰ ਵਾਪਸ ਪਰਤਾਂਗੇ। ਕਿਸਾਨਾਂ ਨੇ ਕਿਹਾ ਕਿ ਪਿੰਡਾਂ ਵਿਚ ਕਮੇਟੀਆਂ ਬਣਾ ਕੇ ਘਰ-ਘਰ ਕੇਂਦਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਅੰਦੋਲਨ ਨੂੰ ਜਿੰਨਾ ਜ਼ਿਆਦਾ ਖਿੱਚੇਗੀ, ਉਨਾ ਜ਼ਿਆਦਾ ਨੁਕਸਾਨ ਭਾਜਪਾ ਨੂੰ ਭੁਗਤਣਾ ਪਵੇਗਾ। ਇਸ ਮੌਕੇ ਦਵਿੰਦਰ ਸਿੰਘ, ਹਵਾ ਸਿੰਘ, ਜਗਜੀਤ ਸਿੰਘ, ਗੁਰਦਿਆਲ ਸਿੰਘ, ਬਿੱਟੂ ਖੰਨੇ ਵਾਲਾ, ਹਰਜੀਤ ਸਿੰਘ, ਦੀਦਾਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਹਰਵੀਰ ਸਿੰਘ ਆਦਿ ਹਾਜ਼ਰ ਸਨ।