ਰੇਲਵੇ ਸਟੇਸ਼ਨ ਤੇ ਕਿਸਾਨਾਂ ਦਾ ਧਰਨਾ 403ਵੇਂ ਦਿਨ ਲਗਾਤਾਰ ਜਾਰੀ, ਜੱਥਾ ਹੋਇਆ ਸਿੰਘੂ ਬਾਰਡਰ ਲਈ ਰਵਾਨਾ

ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ 403ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਦੌਰਾਨ ਅੱਜ ਪਿੰਡ ਸਾਹਿਬਪੁਰਾ ਅਤੇ ਇਸਮਾਇਲਪੁਰ ਦੇ ਕਿਸਾਨਾਂ ਦਾ ਵੱਡਾ ਜੱਥਾ ਦਿੱਲੀ ਦੇ ਸਿੰਘੂ ਬਾਰਡਰ ਲਈ ਰਵਾਨਾ ਹੋਇਆ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇ ਅਵਤਾਰ ਸਿੰਘ ਨੇ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ, ਪ੍ਰਤੂੰ ਅਜੇ ਵੀ ਕੇਂਦਰ ਸਰਕਾਰ ਦੀ ਮਨਸ਼ਾ ਅਜੇ ਵੀ ਕਾਨੂੰਨ ਰੱਦ ਕਰਨ ਦੀ ਨਹੀਂ ਲੱਗ ਰਹੀ।

ਉਨ੍ਹਾਂ ਕਿਹਾ ਕਿ ਪ੍ਰਾਈਵੇਟ ਗੰਨਾ ਮਿੱਲ ਮਾਲਕ ਗੰਨਾ ਉਤਪਾਦਕ ਕਿਸਾਨਾਂ ਨੂੰ ਲੁੱਟਣ ਦੀ ਤਾਕ ਵਿਚ ਹਨ। ਪੰਜਾਬ ਸਰਕਾਰ ਨੇ ਕਿਸਾਨ ਯੂਨੀਅਨਾਂ ਦੇ ਸੰਘਰਸ਼ ਉਪਰੰਤ ਕਿਸਾਨਾਂ ਨਾਲ ਸਮਝੌਤਾ ਕਰਕੇ ਗੰਨੇ ਦੀ ਕੀਮਤ 360 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤੀ ਸੀ, ਪ੍ਰਤੂੰ ਕੁੱਝ ਦਿਨ ਪਹਿਲਾ ਪ੍ਰਾਈਵੇਟ ਗੰਨਾ ਮਿੱਲ ਮਾਲਕਾਂ ਨੇ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਸਰਕਾਰ ਵੱਲੋਂ ਨਿਰਧਾਰਤ ਕੀਮਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਸਰਕਾਰ ਇਸ ’ਤੇ ਕੋਈ ਪ੍ਰਤੀਕਿਰਿਆ ਨਾ ਦੇਣਾ ਦਾਲ ਵਿਚ ਕਾਲਾ ਹੋਣ ਦਾ ਸੰਕੇਤ ਦਿੰਦਾ ਹੈ।

ਉਨ੍ਹਾਂ ਪੰਜਾਬ ਸਰਕਾਰ ਦੀ ਕਿਸਾਨ ਮਾਰੂ ਨੀਤੀ ਅਤੇ ਖੇਤੀ ਵਿਭਿੰਨਤਾ ਪ੍ਰਤੀ ਬਦਨੀਤੀ ਦੀ ਸਪੱਸ਼ਟ ਤੌਰ ’ਤੇ ਨਿੰਦਾ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਡੀਜ਼ਲ ਦੀਆਂ ਵਧੀਆਂ ਕੀਮਤ ’ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨਹਿਰੀ ਪਾਣੀਆਂ ਪ੍ਰਤੀ ਗੈਰ ਜ਼ਿੰਮੇਵਾਰਾਨਾ ਨੀਤੀ ਤੇ ਖੇਤੀ ਲਈ ਬਿਜਲੀ ਸਪਲਾਈ ਨਾ ਦੇਣ ਦੇ ਬਰਾਬਰ ਨੇ ਖੇਤੀ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਮੌਕੇ ਰਛਪਾਲ ਸਿੰਘ ਮਾਨ, ਕਸ਼ਮੀਰਾ ਸਿੰਘ ਮਾਜਰਾ, ਤਰਲੋਚਨ ਸਿੰਘ, ਅਵਤਾਰ ਸਿੰਘ, ਗੁਰਦਿਆਲ ਸਿੰਘ, ਦਵਿੰਦਰ ਸਿੰਘ, ਮੋਹਨ ਸਿੰਘ, ਸ਼ੇਰ ਸਿੰਘ, ਕਰਨੈਲ ਸਿੰਘ, ਜ਼ੋਰਾ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਬੈਨੀਪਾਲ, ਪ੍ਰੀਤਮ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਰਘਵੀਰ ਸਿੰਘ ਆਦਿ ਹਾਜ਼ਰ ਸਨ।

Share This :

Leave a Reply