ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਕਿਸਾਨ-ਮਜ਼ਦੂਰ ਜੱਥੇਬੰਦੀਆਂ ਤੋਂ ਇਲਾਵਾ ਆਮ ਲੋਕ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ ਅਤੇ ਪ੍ਰਗਟ ਸਿੰਘ ਨੇ ਨਰਿੰਦਰ ਤੋਮਰ ਦੀ ਕਾਨਫਰੰਸ ਤੇ ਪ੍ਰਤੀਕਰਮ ਦਿੰਦਿਆਂ ਕੇਂਦਰ ਸਰਕਾਰ ਵੱਲੋਂ 14 ਫਸਲਾਂ ਤੇ ਐਲਾਨੀ ਐਸ.ਐਸ.ਪੀ ਨੂੰ ਬਿਨ੍ਹਾਂ ਇੰਜਣ ਵਾਲੀ ਰੇਲਗੱਡੀ ਦੇ ਸਮਾਨ ਦੱਸਿਆ। ਉਨ੍ਹਾਂ ਕਿਹਾ ਕਿ ਬਿਨ੍ਹਾਂ ਗਰੰਟਿਡ ਖ੍ਰੀਦ ਕਾਨੂੰਨ ਦੇ ਫਸਲਾਂ ਦੇ ਸਿਰਫ਼ ਫੋਕੇ ਸਮਰਥਨ ਮੁੱਲ ਨਿਰਧਾਰਤ ਕਰਨ ਦਾ ਕੋਈ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਦੀ ਆੜ ’ਚ ਕੇਂਦਰ ਤੇ ਪੰਜਾਬ ਸਰਕਾਰ ਨਿੱਤ ਨਵੇਂ ਸੈਂਸ ਲਗਾ ਕੇ ਡੀਜ਼ਲ-ਪੈਟਰੋਲ ਦੇ ਭਾਅ ਨੂੰ ਅਸਮਾਨੀਂ ਪਹੁੰਚਾ ਰਹੀ ਹੈ, ਜਿਸ ਕਾਰਨ ਦੇਸ਼ ਅੰਦਰ ਮਹਿੰਗਾਈ ਦਰ ਲਗਭਗ 4.9 ਫ਼ੀਸਦੀ ਤੱਕ ਪਹੁੰਚ ਚੁੱਕੀ ਹੈ। ਬਲਵੰਤ ਸਿੰਘ ਰਾਜੇਵਾਲ ਨੇ ਕਿਹਾ ਕਿ ਪੂਰੇ ਦੇਸ਼ ਅੰਦਰ ਵਿਰੋਧੀ ਧਿਰਾਂ ਦੀ ਇਸ ਮਾਮਲੇ ਤੇ ਸਿਫ਼ਰ ਸੰਕੇਤਕ ਬਿਆਨਬਾਜ਼ੀ ਤੇ ਕੋਈ ਠੋਸ ਕਦਮ ਨਾ ਉਠਾਉਣਾ, ਇਸ ਗੱਲ ਦਾ ਸੰਕੇਤ ਹੈ ਕਿ ਸਾਰੀਆਂ ਰਾਜਨੀਤਕ ਪਾਰਟੀਆ ਨੂੰ ਕਿਸਾਨੀ ਨਾਲ ਕੋਈ ਦਰਦ ਨਹੀਂ ਹੈ।
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਤੇਜ਼ੀ ਨਾਲ ਬਦਲ ਰਹੇ ਸਮੀਕਰਨਾਂ ਕਰਕੇ ਹੁਣ ਇਸ ਹੰਕਾਰੀ ਹਕੂਮਤ ਦੀ ਸੋਚ ’ਚ ਬਦਲਾਅ ਵੀ ਦਿਖਾਈ ਦੇਣ ਲੱਗਾ ਹੈ ਅਤੇ ਅਜੇ ਵੀ ਸਰਕਾਰ ਨਾ ਝੁੱਕੀ ਤਾਂ ਭਾਂਜਪਾ ਨੂੰ ਬਹੁਤ ਵੱਡਾ ਸਿਆਸੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਮਾਰੂ ਨੀਤੀਆਂ ਅਪਣਾਕੇ ਆਮ ਲੋਕਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ, ਜਿਸ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਗਲਤ ਹੱਥਕੰਡੇ ਅਪਨਾਉਣਾ ਬੰਦ ਕਰੇ, ਕਿਉਂਕਿ ਕਿਸਾਨ ਬਿਨ੍ਹਾਂ ਹੱਕ ਵਾਪਸ ਲਏ ਬਾਰਡਰਾਂ ਤੋਂ ਉੱਠਣ ਵਾਲੇ ਨਹੀਂ। ਇਸ ਮੌਕੇ ਇੰਦਰਜੀਤ ਸਿੰਘ, ਦਿਲਬਾਗ ਸਿੰਘ, ਕਸ਼ਮੀਰਾ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਜਗਦੀਪ ਸਿੰਘ, ਲਖਵੀਰ ਸਿੰਘ, ਦਵਿੰਦਰ ਸਿੰਘ, ਗੁਰਮੇਲ ਸਿੰਘ, ਦੀਦਾਰ ਸਿੰਘ, ਅੰਮ੍ਰਿਤਪਾਲ ਸਿੰਘ, ਮਨਜੀਤ ਸਿੰਘ, ਹਵਾ ਸਿੰਘ ਆਦਿ ਹਾਜ਼ਰ ਸਨ।