ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਕਿਸਾਨ ਜੱਥੇਬੰਦੀਆਂ ਅਤੇ ਹੋਰ ਲੋਕਾਂ ਵੱਲੋਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਕਿਸਾਨਾਂ ਵੱਲੋਂ ਲਲਹੇੜੀ ਚੌਂਕ ਵਿਖੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮਨਜੀਤ ਸਿੰਘ ਰਾਏ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ਸੰਯੁਕਤ ਦੇ ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਟਿੱਲੂ ਨੇ ਰਾਏ ਦਾ ਨਿੱਘਾ ਸਵਾਗਤ ਕੀਤਾ।
ਕਿਸਾਨਾਂ ਨੇ ਕੇਂਦਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਸ੍ਰੀ ਰਾਏ ਨੇ ਕਿਹਾ ਕਿ ਖੇਤੀ ਸੁਧਾਰ ਤੇ ਨਾਂਅ ’ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨ ਕਿਸਾਨ ਵਿਰੋਧੀ ਤੇ ਘਾਤਕ ਹਨ ਅਤੇ ਜਦੋਂ ਤੱਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਸ੍ਰੀ ਟਿੱਲੂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਰਵੱਈਆ ਸ਼ੁਰੂ ਤੋਂ ਹੀ ਕਿਸਾਨ ਵਿਰੋਧੀ ਰਿਹਾ ਹੈ ਅਤੇ ਖੇਤੀ ਸੁਧਾਰ ਤੇ ਨਾਂਅ ਤੇ ਪਾਸ ਕੀਤੇ ਕਾਨੂੰਨਾਂ ਨਾਲ ਭਾਜਪਾ ਦਾ ਚਿਹਰਾ ਬੇਨਕਾਬ ਹੋਇਆ ਹੈ।
ਕਿਉਂਕਿ ਕੇਂਦਰ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਸ ਨੂੰ ਦੇਸ਼ ਲਈ ਅੰਨ੍ਹ ਪੈਦਾ ਕਰਨ ਵਾਲੇ ਕਿਸਾਨਾਂ ਦੀ ਨਹੀਂ ਬਲਕਿ ਕਾਰਪੋਰੇਟ ਘਰਾਣਿਆਂ ਦੀ ਫ਼ਿਕਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜੇ ਵੀ ਆਪਣੇ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਘਰੋਂ ਤੋਂ ਬਾਹਰ ਨਿਕਲ ਕੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਕਿਉਂਕਿ ਇਨ੍ਹਾਂ ਦਾ ਅਸਰ ਹਰ ਘਰ ’ਤੇ ਪਵੇਗਾ। ਇਸ ਮੌਕੇ ਪਰਵਿੰਦਰ ਸਿੰਘ, ਹਰਮੇਸ਼ ਸਿੰਘ, ਰਵਿੰਦਰ ਕੌਰ, ਜਗਜੀਤ ਸਿੰਘ, ਜਿੰਮੀ ਥਾਪਰ ਆਦਿ ਨੇ ਵੀ ਆਪਣੇ ਵਿਚਾਰ ਰੱਖੇ।