ਖੰਨਾ (ਪਰਮਜੀਤ ਸਿੰਘ ਧੀਮਾਨ) – ਪਿਛਲੇ ਲੰਬੇੇ ਸਮੇਂ ਤੋਂ ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੁਣ ਸੂਬਾ ਸਰਕਾਰ ਨੇ ਵੀ ਪ੍ਰੇਸ਼ਾਨ ਕਰਨਾ ਅਰੰਭ ਕਰ ਦਿੱਤਾ ਹੈ। ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੇ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕਰਕੇ ਸਿਰਫ਼ 3 ਘੰਟੇ ਹੀ ਬਿਜਲੀ ਦਿੱਤੀ ਜਾਂਦੀ ਹੈ। ਜਿਸ ਦੇ ਰੋਸ ਵਜੋਂ ਅੱਜ ਕਿਸਾਨ ਜੱਥੇਬੰਦੀਆਂ ਨੇ ਵੱਖ ਵੱਖ ਪਿੰਡਾਂ ਵਿਚ ਇੱਕਠ ਕਰਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਨੂੰ ਲਾਬੂੰ ਲਾਇਆ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਮੀਂਹ ਨਾ ਪੈਣ ਕਾਰਨ ਪਹਿਲਾ ਹੀ ਕਿਸਾਨ ਸੋਕੇ ਦੀ ਮਾਰ ਝੱਲ ਰਹੇ ਹਨ, ਅਜਿਹੇ ਹਾਲਾਤ ਵਿਚ ਸਰਕਾਰ ਨੇ ਵਾਧੂ ਬਿਜਲੀ ਦੇਣ ਦੀ ਥਾਂ ਵੱਡੇ ਵੱਡੇ ਕੱਟ ਲਾਉਣੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਡੀਜ਼ਲ ਫੂਕਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਜੱਥੇਬੰਦਕ ਸੰਘਰਸ਼ ਹੀ ਉਪਰੋਕਤ ਸਮੱਸਿਆਵਾਂ ਤੋਂ ਛੁਟਕਾਰਾ ਦਿਵਾ ਸਕਦਾ ਹੈ। ਉਨ੍ਹਾਂ ਕਿਸਾਨ, ਮਜ਼ਦੂਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ 2 ਜੁਲਾਈ ਨੂੰ ਡੀ.ਸੀ ਦਫ਼ਤਰ ਲੁਧਿਆਣਾ ਵਿਖੇ ਬਿਜਲੀ ਦੀ ਮਾੜੀ ਸਪਲਾਈ, ਪੈਟਰੋਲ-ਡੀਜ਼ਲ ਲਈ ਕੀਤੇ ਜਾ ਰਹੇ ਸੰਘਰਸ਼ ਵਿਚ ਸ਼ਾਮਲ ਹੋਣ।
ਇਸ ਮੌਕੇ ਪ੍ਰਗਟ ਸਿੰਘ ਕੋਟ ਪਨੈਚ ਨੇ ਕਿਹਾ ਕਿ ਕੈਪਟਨ ਸਰਕਾਰ ਮੋਦੀ ਸਰਕਾਰ ਦੀ ਮਦਦ ਲਈ ਕਿਸਾਨਾਂ ਨੂੰ ਪੇ੍ਰਸ਼ਾਨ ਕਰ ਰਹੀ ਹੈ ਤਾਂ ਜੋ ਕਿਸਾਨ ਫ਼ਸਲਾਂ ’ਚ ਉਲਝ ਕੇ ਰਹਿ ਜਾਣ ਤੇ ਦਿੱਲੀ ਕਿਸਾਨੀ ਅੰਦੋਲਨ ਨੂੰ ਫੇਲ੍ਹ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੇ ਨਰੋਏ ਪੰਜਾਬ ਵਿੱਚ ਜਿੱਥੇ ਕਿਸਾਨਾਂ ਨੂੰ ਮਹਿੰਗਾ ਡੀਜ਼ਲ ਫੂਕ ਕੇ ਫ਼ਸਲ ਪਾਲਣੀ ਪੈ ਰਹੀ ਹੈ, ਉੱਥੇ ਭ੍ਰਿਸ਼ਟਾਚਾਰ ਦਾ ਬੇਲਗਾਮ ਹੁੰਦੀ ਜਾ ਰਹੀ ਹੈ। ਕਾਂਗਰਸ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ। ਇਸ ਮੌਕੇ ਲਖਵਿੰਦਰ ਸਿੰਘ, ਪਰਮਵੀਰ ਸਿੰਘ, ਬਲਦੇਵ ਸਿੰਘ, ਤਰਨਜੀਤ ਸਿੰਘ, ਹਰਜਿੰਦਰ ਸਿੰਘ, ਜਗਤਾਰ ਸਿੰਘ, ਭਾਗ ਸਿੰਘ, ਮਨਪ੍ਰੀਤ ਸਿੰਘ, ਰਜਿੰਦਰ ਸਿੰਘ, ਹਾਕਮ ਸਿੰਘ, ਹਰਦੇਵ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ, ਦਲਜੀਤ ਬਿੱਟੂ, ਜਗਤਾਰ ਸਿੰਘ ਆਦਿ ਹਾਜ਼ਰ ਸਨ।