ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਮਾਨਸੂਨ ਸ਼ੈਸ਼ਨ ਦੌਰਾਨ ਕਿਸਾਨ-ਮਜ਼ਦੂਰ ਵਿਰੋਧੀ ਤਿੰਨੇ ਕਾਲੇ ਕਾਨੂੰਨ ਰੱਦ ਕਰਵਾਉਣ, ਐਮ.ਐਸ.ਪੀ ਨੂੰ ਕਾਨੂੰਨੀ ਦਰਜਾ ਦਿਵਾਉਣ ਅਤੇ ਹੋਰ ਮੰਗਾਂ ਸਬੰਧੀ ਅਵਾਜ਼ ਉਠਾਉਣ ਲਈ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ ਨੂੰ ਚੇਤਾਵਨੀ ਪੱਤਰ ਦੇਣ ਉਨ੍ਹਾਂ ਦੇ ਗ੍ਰਹਿ ਪੁੱਜੇ, ਜੋ ਉਨ੍ਹਾਂ ਦੀ ਗੈਰ ਹਾਜ਼ਰੀ ਵਿਚ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਸ਼ੋਕ ਜਿੰਦਲ ਖੰਨਾ ਨੇ ਲਿਆ।
ਇਸੇ ਤਰ੍ਹਾਂ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਕਾਂਗਰਸੀ ਸੰਸਦ ਮੈਂਬਰ ਡਾ. ਅਮਰ ਸਿੰਘ ਦੇ ਨਾਂਅ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਪੱਤਰ ਸੌਂਪਿਆ ਗਿਆ। ਇਸ ਮੌਕੇ ਦਲਜੀਤ ਸਿੰਘ ਸਵੈਚ ਅਤੇ ਹਰਮਿੰਦਰ ਸਿੰਘ ਸੇਖੋਂ, ਕਸ਼ਮੀਰਾ ਸਿੰਘ ਮਾਜਰਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਕਿਸਾਨ-ਮਜ਼ਦੂਰ ਕਾਲੇ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਾਰਡਰਾਂ ਤੇ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਅਤੇ 700 ਤੋਂ ਵਧੇਰੇ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਿਸ ਦੀ ਜਿੰਮੇਵਾਰ ਕੇਂਦਰ ਸਰਕਾਰ ਹੈ, ਪ੍ਰਤੂੰ ਸਰਕਾਰ ਨੂੰ ਇਨ੍ਹਾਂ ਸ਼ਹੀਦਾਂ ਲਈ ਕੋਈ ਅਫਸੋਸ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਆਉਣ ਵਾਲੇ ਮਾਨਸੂਨ ਸ਼ੈਸ਼ਨ ਦੌਰਾਨ ਉਹ ਇਨ੍ਹਾਂ ਕਾਨੂੰਨਾਂ ਦਾ ਡੱਟ ਕੇ ਵਿਰੋਧ ਕਰਦੇ ਹੋਏ ਕਿਸਾਨਾਂ ਦੀ ਅਵਾਜ਼ ਬੁਲੰਦ ਕਰਕੇ ਸਰਕਾਰ ਤੇ ਕਾਨੂੰਨ ਵਾਪਸ ਲੈਣ ਲਈ ਦਬਾਅ ਪਾਉਣ।
ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਮੈਂਬਰ ਪਾਰਲੀਮੈਂਟ ਨੇ ਚੁੱਪੀ ਨਾ ਤੋੜ ਕੇ ਕਿਸਾਨਾਂ ਤੇ ਆਮ ਲੋਕਾਂ ਦੇ ਹੱਕ ਵਿਚ ਅਵਾਜ਼ ਬੁਲੰਦ ਨਾ ਕੀਤੀ ਤਾਂ ਉਸ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਰੋਧ ਕਰਦਿਆਂ ਘਿਰਾਓ ਕੀਤਾ ਜਾਵੇਗਾ, ਜਿਸ ਦਾ ਜ਼ਿੰਮੇਵਾਰ ਉਹ ਖ਼ੁਦ ਹੋਵੇਗਾ। ਕਿਸਾਨਾਂ ਨੇ ਕਿਹਾ ਕਿ ਹਾਰ ਤੋਂ ਘਬਰਾਈ ਮੋਦੀ ਹਕੂਮਤ ਕੋਝੀਆਂ ਚਾਲਾਂ ਚੱਲਣ ਤੋਂ ਬਾਜ਼ ਆਏ, ਕਿਉਂਕਿ ਕਿਸਾਨ ਆਪਣੇ ਹੱਕ ਲਏ ਬਿਨ੍ਹਾਂ ਵਾਪਸ ਮੁੜਨ ਵਾਲੇ ਨਹੀਂ। ਇਸ ਮੌਕੇ ਰਛਪਾਲ ਸਿੰਘ ਮਾਨ, ਹਵਾ ਸਿੰਘ, ਨਿਰਮਲ ਸਿੰਘ ਬੈਨੀਪਾਲ, ਕਸ਼ਮੀਰਾ ਸਿੰਘ, ਦਵਿੰਦਰ ਸਿੰਘ, ਦਲਜੀਤ ਸਿੰਘ, ਗੁਰਮੇਲ ਸਿੰਘ, ਜਗਜੀਤ ਸਿੰਘ, ਲਖਵਿੰਦਰ ਸਿੰਘ, ਬਲਰਾਜ ਸਿੰਘ, ਪਰਵਿੰਦਰ ਸਿੰਘ, ਸੁੱਖ ਔਜਲਾ, ਕਰਨੈਲ ਸਿੰਘ, ਹਰਜੀਤ ਸਿੰਘ, ਲਖਵਿੰਦਰ ਸਿੰਘ, ਮੋਹਣ ਸਿੰਘ, ਰਾਜਵੀਰ ਸਿੰਘ, ਕੈਪਟਨ ਨੰਦ ਲਾਲ, ਹਰਦਿਆਲ ਸਿੰਘ, ਅਵਤਾਰ ਸਿੰਘ, ਜਤਿੰਦਰ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ।






















