ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ

ਖੰਨਾ (ਪਰਮਜੀਤ ਸਿੰਘ ਧੀਮਾਨ) –  ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਰਹੌਣ, ਕਸ਼ਮੀਰਾ ਸਿੰਘ ਮਾਜਰਾ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਉਂਦਿਆਂ ਕਿਹਾ ਮੋਦੀ ਸਰਕਾਰ ਕਿਸਾਨ, ਮਜ਼ਦੂਰ, ਮੁਲਾਜ਼ਮ ਮਾਰੂ ਨੀਤੀਆਂ ਅਪਣਾਕੇ ਆਮ ਲੋਕਾਂ ਦਾ ਗਲਾ ਘੁੱਟਣਾ ਚਾਹੁੰਦੀ ਹੈ।

ਉਨ੍ਹਾਂ ਕਿਹਾ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ ਅਤੇ ਮੋਦੀ ਸਰਕਾਰ ਦੀ ਹੈਂਕੜ ਹੀ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ਦੇ ਸਾਰੇ ਮੰਤਰੀ ਬੁਖਲਾਹਟ ਵਿਚ ਆ ਕੇ ਅੰਨ੍ਹਦਾਤਾ ਦੀ ਅਵਾਜ਼ ਸੁਣਨ ਦੀ ਥਾਂ ਕਾਨੂੰਨਾਂ ਦੀ ਤਰਫ਼ਦਾਰੀ ਕਰਕੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ।

ਉਪਰੋਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਪਾਸੇ ਦੇਸ਼ ਦੇ ਕਿਸਾਨਾਂ ’ਤੇ ਕਾਲੇ ਖੇਤੀ ਕਾਨੂੰਨਾਂ ਧੱਕੇ ਨਾਲ ਥੋਪ ਦਿੱਤੇ ਹਨ, ਦੂਜੇ ਪਾਸੇ ਖੇਤੀ ਸੰਦਾਂ ਸਮੇਤ ਯੂਰੀਆ, ਡੀਜ਼ਲ ਆਦਿ ਦੇ ਭਾਅ ਅਸਮਾਨੀ ਚੜ੍ਹਾ ਦਿੱਤੇ ਹਨ, ਜਿਸ ਕਾਰਨ ਕਿਸਾਨ ਨੂੰ ਭਾਰੀ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਬਾਰਿਸ਼ ਦੌਰਾਨ ਵੀ ਲਗਾਤਾਰ ਸੰਘਰਸ਼ ਕਰ ਰਿਹਾ ਹੈ ਅਤੇ ਆਪਣੇ ਹੱਕ ਲਏ ਬਿਨ੍ਹਾਂ ਪਿੱਛੇ ਹੱਟਣ ਵਾਲਾ ਨਹੀਂ। ਇਸ ਮੌਕੇ ਕੈਪਟਨ ਨੰਦ ਲਾਲ ਮਾਜਰੀ, ਕਰਨੈਲ ਸਿੰਘ ਇਕੋਲਾਹਾ, ਗੁਰਦਿਆਲ ਸਿੰਘ, ਜਗਜੀਤ ਸਿੰਘ, ਹਰਜੀਤ ਸਿੰਘ, ਬਲਜੀਤ ਸਿੰਘ, ਰਛਪਾਲ ਸਿੰਘ, ਹਰਮੇਲ ਸਿੰਘ, ਦਲਜੀਤ ਸਿੰਘ, ਅਮਰ ਸਿੰਘ, ਲਖਵੀਰ ਸਿੰਘ, ਹਰਵਿਪੰਦਰ ਸਿੰਘ, ਬਲਰਾਜ ਸਿੰਘ, ਬਲਵਿੰਦਰ ਸਿੰਘ, ਮੁਖਤਿਆਰ ਸਿੰਘ, ਦੀਦਾਰ ਸਿੰਘ, ਨਿਰਮਲ ਸਿੰਘ, ਲਵਪ੍ਰੀਤ ਸਿੰਘ ਇਕੋਲਾਹਾ ਆਦਿ ਹਾਜ਼ਰ ਸਨ।

Share This :

Leave a Reply