ਖੰਨਾ (ਪਰਮਜੀਤ ਸਿੰਘ ਧੀਮਾਨ) – ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਨੇ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਗੜੇਮਾਰੀ ਕਾਰਨ ਨੁਕਸਾਨੀ ਝੋਨੇ ਤੇ ਆਲੂਆਂ ਦੀ ਫਸਲ ਦੇ ਮੁਆਵਜ਼ੇ ਸਬੰਧੀ ਰਾਸ਼ਟਰਪਤੀ ਦੇ ਨਾਂਅ ਏ.ਡੀ.ਸੀ ਸਕੱਤਰ ਸਿੰਘ ਬੱਲ ਨੂੰ ਮੰਗ-ਪੱਤਰ ਸੌਂਪਿਆ। ਇਸ ਮੌਕੇ ਦਲਜੀਤ ਸਿੰਘ ਸਵੈਚ, ਕਸ਼ਮੀਰਾ ਸਿੰਘ ਅਤੇ ਅਵਤਾਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਬੇਮੌਸਮੀ ਗੜੇਮਾਰੀ ਤੇ ਬਾਰਿਸ਼ ਕਾਰਨ ਖੰਨਾ ਤੇ ਸਮਰਾਲਾ ਇਲਾਕੇ ਵਿਚ ਝੋਨੇ ਦੀਆਂ ਖੜ੍ਹੀਆਂ ਫਸਲਾਂ ਡਿੱਗ ਗਈਆਂ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਭਾਰੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿਚ 80 ਪ੍ਰਤੀਸ਼ਤ ਤੋਂ ਵੱਧ ਝੋਨਾ ਝੜ ਗਿਆ ਅਤੇ ਕਿਸਾਨਾਂ ਵੱਲੋਂ ਬੀਜੀ ਆਲੂ ਦੀ ਖੇਤੀ ਵੀ ਪਾਣੀ ਭਰਨ ਕਾਰਨ ਖਰਾਬ ਹੋ ਗਈ। ਕਿਸਾਨਾਂ ਨੇ ਮੰਗ ਕੀਤੀ ਕਿ ਪਹਿਲ ਦੇ ਅਧਾਰ ਤੇ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾ ਹੀ ਮਹਿੰਗਾਈ ਦੀ ਮਾਰ ਕਾਰਨ ਆਰਥਿਕ ਪੱਖੋਂ ਕਮਜ਼ੋਰ ਹੋ ਚੁੱਕੇ ਹਨ ਅਤੇ ਹੁਣ ਇਸ ਨੁਕਸਾਨ ਨਾਲ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਇਸ ਮੌਕੇ ਨਿਰਮਲ ਸਿੰਘ ਬੈਨੀਪਾਲ ਅਤੇ ਅੰਮ੍ਰਿਤਪਾਲ ਸਿੰਘ ਵਾਲੀਆ ਨੇ ਕਿਹਾ ਕਿ ਕਿਸਾਨਾਂ ਦੀ ਪਹਿਲੀ ਦੀ ਜ਼ਿੰਦਗੀ ਫਸਲਾਂ ਨੂੰ ਲੈ ਕੇ ਫ਼ਿਕਰਾਂ ਵਿਚ ਨਿਕਲਦੀ ਹੈ ਉਪਰੋਂ ਕੇਂਦਰ ਸਰਕਾਰ ਕਿਸਾਨੀ ਲਈ ਲਾਹੇਵੰਦ ਭਲਾਈ ਸਕੀਮਾਂ ਲਿਆਉਣ ਦੀ ਥਾਂ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਅੰਨ੍ਹਦਾਤਿਆਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਕਾਲੇ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ। ਇਸ ਮੌਕੇ ਜੋਗਿੰਦਰ ਸਿੰਘ, ਲਖਵਿੰਦਰ ਸਿੰਘ, ਅਵਤਾਰ ਸਿੰਘ, ਬਲਰਾਜ ਸਿੰਘ, ਗੁਰਦਿਆਲ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਹਰਭਾਗ ਸਿੰਘ, ਦੀਦਾਰ ਸਿੰਘ, ਹਵਾ ਸਿੰਘ, ਹਾਕਮ ਸਿੰਘ, ਪਲਵਿੰਦਰ ਸਿੰਘ, ਜਗਦੀਪ ਸਿੰਘ, ਮਨਜੀਤ ਸਿੰਘ, ਜੀਵਨ ਸਿੰਘ ਆਦਿ ਹਾਜ਼ਰ ਸਨ।






















