ਖੰਨਾ (ਪਰਮਜੀਤ ਸਿੰਘ ਧੀਮਾਨ)- ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜੱਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਖੰਨਾ ਦੇ ਬਾਹਰ ਅਰੰਭਿਆ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਹਰਜਿੰਦਰ ਸਿੰਘ ਰਤਨਹੇੜੀ ਅਤੇ ਅਮਨਦੀਪ ਵਰਮਾ ਅਮਰਗੜ੍ਹ ਨੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਨੇ ਕਰੋਨਾ ਦੀ ਆੜ੍ਹ ਹੇਠ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਦੂਜੇ ਪਾਸੇ ਪੈਟਰੋਲ-ਡੀਜ਼ਲ, ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਆਮ ਲੋਕਾਂ ਦਾ ਕਚੂੰਮਰ ਕੱਢਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰੋਨਾ ਕਾਲ ਦੌਰਾਨ ਆਮ ਲੋਕਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਥਾਂ ਉਨ੍ਹਾਂ ’ਤੇ ਵਾਧੂ ਬੋਝ ਪਾਇਆ ਹੈ ਅਤੇ ਰੋਜ਼ਾਨਾ ਲੋੜੀਂਦੀਆਂ ਵਸਤਾਂ ਲੋਕਾਂ ਦੀ ਪਹੁੰਚ ਤੋਂ ਦੂਰ ਹੁੰਦੀਆਂ ਜਾ ਰਹੀਆਂ ਹਨ। ਸੱਤਾ ’ਤੇ ਕਾਬਜ਼ ਭਾਜਪਾ ਸਰਕਾਰ ਮਹਿੰਗਾਈ ਦੀਆਂ ਸਾਰੀਆਂ ਹੱਦਾਂ ਟੱਪ ਗਈ ਹੈ ਅਤੇ ਇਸ ਖਿਲਾਫ਼ ਲੋਕਾਂ ਨੂੰ ਧਰਮ, ਜਾਤ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵੱਡੀ ਲੜਾਈ ਲੜਣੀ ਪਵੇਗੀ ਤਾਂ ਹੀ ਸਰਕਾਰ ਨੂੰ ਸਬਕ ਸਿਖਾਇਆ ਜਾ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੀ ਤਾਲਿਬਾਨ ਤੋਂ ਘੱਟ ਨਹੀਂ ਹੈ, ਜੋ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਤੇ ਜ਼ੁਲਮ ਢਾਹ ਰਹੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਮਾਰੂ ਬਿੱਲ ਲਿਆ ਕੇ ਕਾਰਪੋਰੇਟ ਘਰਾਣਿਆਂ ਨੂੰ ਮਾਲੋ ਮਾਲ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ, ਜਿਸ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਹਰਮਿੰਦਰ ਸਿੰਘ, ਦਲਜੀਤ ਸਿੰਘ ਸਵੈਚ, ਕਸ਼ਮੀਰਾ ਸਿੰਘ, ਜਗਜੀਤ ਸਿੰਘ, ਰਛਪਾਲ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ, ਹਵਾ ਸਿੰਘ, ਦੀਦਾਰ ਸਿੰਘ, ਰਾਜਿੰਦਰ ਸਿੰਘ, ਗੁਰਮੇਲ ਸਿੰਘ, ਗੁਰਦਿਆਲ ਸਿੰਘ, ਅਵਤਾਰ ਸਿੰਘ, ਗੁਲਜ਼ਾਰ ਸਿੰਘ, ਨਿਰਮਲ ਸਿੰਘ, ਗੁਰਨਾਮ ਸਿੰਘ, ਸੁੱਖੀ ਰਤਨਪਾਲੋਂ ਆਦਿ ਹਾਜ਼ਰ ਸਨ।