ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸਥਿਤ ਮਾਰਕੀਟ ਕਮੇਟੀ ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਕਿਸਾਨ ਸੰਸਦ ਬੁਲਾਈ ਗਈ, ਜਿਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਕਾਲੇ ਖੇਤੀ ਕਾਨੂੰਨਾਂ ਸਬੰਧੀ ਜਾਗਰੂਕ ਕਰਨਾ ਸੀ। ਇਸ ਮੌਕੇ ਬੈਨੀਪਾਲ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਅੱਜ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕਾ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਪਰਾਲੀ ਜਲਾਉਣ ਲਈ ਜੁਰਮਾਨਾ ਕਿਸਾਨਾਂ ਲਈ ਸਿੱਧੇ ਮੌਤ ਦੇ ਵਾਰੰਟ ਹਨ, ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਉਪਰੰਤ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇ ਨਿਰਮਲ ਸਿੰਘ ਨੇ ਕਾਨੂੂੰਨਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਰੋਨਾ ਦੀ ਆੜ ਹੇਠਾਂ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਸਰਕਾਰ ਨੇ ਹੁਣ ਤੱਕ ਆਮ ਲੋਕਾਂ ਦੀ ਥਾਂ ਸਿਰਫ਼ ਕਾਰਪੋਰੇਟ ਘਰਾਣਿਆਂ ਦਾ ਹੀ ਪੱਖ ਪੂਰਿਆ ਹੈ।
ਉਪਰੋਕਤ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ, ਖਾਦਾਂ ਅਤੇ ਹੋਰ ਘਰੇਲੂ ਚੀਜ਼ਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਮਹਿੰਗਾਈ ਨਾਲ ਆਮ ਲੋਕਾਂ ਦਾ ਲੱਕ ਤੋੜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਅੜੀਅਲ ਰਵੱਈਆ ਛੱਡ ਕੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਕਿਸਾਨ ਸੰਘਰਸ਼ ਨੂੰ ਦਬਾਉਣ ਲਈ ਗਲਤ ਹੱਥ ਕੰਡੇ ਅਪਨਾਉਣਾ ਬੰਦ ਕਰੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਾਰਪੋਰੇਟ ਘਰਾਣਿਆਂ ਦੀਆਂ ਵਸਤਾਂ ਦਾ ਬਾਈਕਾਟ ਜਾਰੀ ਰੱਖਣ ਲਈ ਕਿਹਾ ਤਾਂ ਜੋ ਜਲਦ ਤੋਂ ਜਲਦ ਜਿੱਤ ਪ੍ਰਾਪਤ ਹੋ ਸਕੇ। ਇਸ ਮੌਕੇ ਲਖਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ ਔਜਲਾ, ਗੁਰਦੀਪ ਸਿੰਘ, ਕੈਪਟਨ ਨੰਦ ਲਾਲ, ਰਜਿੰਦਰ ਸਿੰਘ, ਕਰਨੈਲ ਸਿੰਘ, ਸਤਵੰਤ ਕੌਰ, ਬੂਟਾ ਸਿੰਘ, ਜਤਿੰਦਰ ਸਿੰਘ ਭੱਠਲ, ਕੁਲਦੀਪ ਸਿੰਘ ਗੋਹ, ਹਰਬੰਸ ਸਿੰਘ ਰੋਸ਼ਾ, ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਰਛਪਾਲ ਸਿੰਘ, ਕਸ਼ਮੀਰਾ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।