ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਰਾਜ ਸਭਾ ਚੋਣਾਂ ਨੂੰ ਲੈ ਕੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ

ਚੰਡੀਗੜ੍ਹ, ਮੀਡੀਆ ਬਿਊਰੋ:

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨਗੀ ਜਾਣ ਮਗਰੋਂ ਅੱਜ ਚੁੱਪੀ ਤੋਡ਼ਦਿਆਂ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਟਵੀਟ ਕਰਕੇ ਨਵੇਂ ਚੁਣੇ ਰਾਜ ਸਭਾ ਦੀ ਨਾਮਜ਼ਦਗੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚੋਂ ਰਾਜ ਸਭਾ ਮੈਂਬਰਾਂ ਦੀ ਚੋਣ ਲਈ ਹਰਭਜਨ ਸਿੰਘ ਭੱਜੀ ਨੂੰ ਛੱਡ ਕੇ ਬਾਕੀ ਉਹ ਨਵੀਆਂ ਬੈਟਰੀਆਂ ਹਨ, ਜਿਨ੍ਹਾਂ ਦਾ ਰਿਮੋਟ ਕੰਟਰੋਲ ਦਿੱਲੀ ਵਿਚ ਹਨ। ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਤੋਂ ਬਾਹਰ ਦੇ ਰਾਜ ਸਭਾ ਮੈਂਬਰ ਚੁਣ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨਾਲ ਧੋਖਾ ਕੀਤਾ ਹੈ।

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਦਿੱਲੀ ਤੋਂ ‘ਆਪ’ ਵਿਧਾਇਕ ਰਾਘਵ ਚੱਢਾ ਅਤੇ ਸੰਦੀਪ ਪਾਠਕ ਨੂੰ ਰਾਜ ਸਭਾ ‘ਚ ਭੇਜਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਦੋ ਵੱਡੇ ਕਾਰੋਬਾਰੀਆਂ ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਪੰਜ ਸੀਟਾਂ ਜਾਣਗੀਆਂ AAP ਦੇ ਖਾਤੇ ‘ਚ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 92 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ ਹੈ। ਵਿਧਾਨ ਸਭਾ ਚੋਣਾਂ ਵਿੱਚ ਮਿਲੀ ਇਸ ਵੱਡੀ ਜਿੱਤ ਕਾਰਨ ਰਾਜ ਸਭਾ ਦੀਆਂ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਜਾਣਾ ਪੂਰੀ ਤਰ੍ਹਾਂ ਤੈਅ ਹੈ।

ਇਸ ਤੋਂ ਪਹਿਲਾਂ ਕਾਂਗਰਸੀ ਆਗੂ ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨੇ ਵੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਲਈ ਚੁਣੇ ਗਏ ਉਮੀਦਵਾਰਾਂ ‘ਤੇ ਸਵਾਲ ਚੁੱਕੇ ਹਨ। ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਰਾਜ ਸਭਾ ਵਿੱਚ ਨਾ ਭੇਜ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪਰਗਟ ਸਿੰਘ ਨੇ ਕੇਜਰੀਵਾਲ ‘ਤੇ ਪੰਜਾਬੀਆਂ ਨਾਲ ਧੋਖਾ ਕਰਨ ਦਾ ਦੋਸ਼ ਵੀ ਲਾਇਆ। ਪੰਜਾਬ ਦੀਆਂ ਸਾਰੀਆਂ ਪੰਜ ਰਾਜ ਸਭਾ ਸੀਟਾਂ ਲਈ 31 ਮਾਰਚ ਨੂੰ ਵੋਟਾਂ ਪੈਣਗੀਆਂ।

Share This :

Leave a Reply